ਪੱਤਰ ਪ੍ਰੇਰਕ
ਧਾਰੀਵਾਲ, 26 ਜੁਲਾਈ
ਥਾਣਾ ਧਾਰੀਵਾਲ ਦੇ ਮੁਖੀ ਇੰਸਪੈਕਟਰ ਮਨਜੀਤ ਸਿੰਘ ਨੱਤ ਨੇ ਪੁਲੀਸ ਫੋਰਸ ਸਮੇਤ ਸਥਾਨਕ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ’ਚ ਵੱਖ-ਵੱਖ ਜਨਤਕ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੁਲੀਸ ਨੇ ਵੱਖ ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਅਤੇ ਪੁੱਛਗਿੱਛ ਕੀਤੀ ਗਈ। ਥਾਣਾ ਮੁੱਖੀ ਇੰਸਪੈਕਟਰ ਮਨਜੀਤ ਸਿੰਘ ਨੱਤ ਨੇ ਦੁਕਾਨਦਾਰਾਂ ਨੂੰ ਆਪਣੀ ਦੁਕਾਨ ’ਤੇ ਕੰਮ ਲਈ ਰੱਖੇ ਮੁਲਾਜ਼ਮਾਂ ਦੀ ਪੂਰੀ ਜਾਣਕਾਰੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁੱਖੀ ਦੇ ਹੁਕਮਾਂ ਅਨੁਸਾਰ ਥਾਣਾ ਅਧੀਨ ਪੈਂਦੇ ਇਲਾਕੇ ਅੰਦਰ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ ਅਤੇ ਰੋਜ਼ਾਨਾ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।