ਅੰਮ੍ਰਿਤਸਰ ’ਚ ਪੁਲੀਸ ਵੱਲੋਂ ਤਲਾਸ਼ੀ ਤੇ ਛਾਪੇ
ਕਈ ਵਿਅਕਤੀਆਂ ਨੂੰ ਪੁੱਛ-ਪਡ਼ਤਾਲ ਲਈ ਹਿਰਾਸਤ ਵਿੱਚ ਲਿਆ; ਅੱਠ ਵਾਹਨ ਜ਼ਬਤ ਕੀਤੇ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਜ ਤੜਕੇ ਸੈਂਟਰਲ ਜ਼ੋਨ ਦੇ ਕੁਝ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਚਲਾਇਆ ਹੈ। ਇਸ ਤਹਿਤ 11 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅੱਠ ਵਾਹਨ ਜ਼ਬਤ ਕੀਤੇ ਹਨ। ਕੁਝ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਕਾਰਡਨ ਐਂਡ ਸਰਚ ਅਪ੍ਰੇਸ਼ਨ ਦੌਰਾਨ ਇੱਕ ਵਿਅਕਤੀ ਨੂੰ ਐਨ ਡੀ ਪੀ ਐਸ ਐਕਟ ਤਹਿਤ ਕਾਬੂ ਕੀਤਾ ਗਿਆ ਹੈ, ਜਿਸ ਤੋਂ 7 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ, ਇੱਕ ਵਿਅਕਤੀ ਨੂੰ ਆਬਕਾਰੀ ਐਕਟ ਤਹਿਤ ਕਾਬੂ ਕੀਤਾ ਗਿਆ ਜਿਸ ਕੋਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਤਿੰਨ ਵਿਅਕਤੀਆਂ ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 129 ਤਹਿਤ ਨਾਮਜ਼ਦ ਕੀਤਾ ਗਿਆ ਹੈ। ਪੰਜ ਵਿਅਕਤੀਆਂ ਨੂੰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਹਤਿਆਤੀ ਹਿਰਾਸਤ ਵਿੱਚ ਲਿਆ ਗਿਆ ਹੈ। ਜਦੋਂ ਕਿ ਇਸ ਕਾਰਵਾਈ ਦੌਰਾਨ ਅੱਠ ਵਾਹਨ ਜ਼ਬਤ ਕੀਤੇ ਗਏ ਹਨ।
ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਡੀ ਸੀ ਪੀ ਦੀ ਅਗਵਾਈ ਹੇਠ ਯੋਗੇਸ਼ਵਰ ਸਿੰਘ ਏ ਡੀ ਸੀ ਪੀ ਸਿਟੀ ਵਨ, ਸੁਰਿੰਦਰ ਸਿੰਘ ਏਸੀਪੀ ਸੈਂਟਰਲ, ਤੇ ਮੁੱਖ ਅਫਸਰ ਥਾਣਾ ਅਤੇ ਕਰੀਬ 150 ਪੁਲੀਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਕਮਾਂਡੋ ਦਸਤੇ ਵੀ ਸ਼ਾਮਲ ਸਨ। ਪੁਲੀਸ ਟੀਮਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। ਚੈਕਿੰਗ ਦੌਰਾਨ ਵਿਸ਼ੇਸ਼ ਤੌਰ ’ਤੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੇ ਦਸਤਾਵੇਜ਼ਾਂ ਤੇ ਮਾਲਕੀ ਦੀ ਜਾਂਚ ਕੀਤੀ ਗਈ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੀਆਂ ਰਿਹਾਇਸ਼ਾਂ ਦੀ ਤਲਾਸ਼ੀ ਲਈ ਗਈ।
ਇਸ ਮੌਕੇ ਡੀ ਸੀ ਪੀ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਇਲਾਕੇ ਦੀ ਸਥਿਤੀ ਬਾਰੇ ਜਾਣਕਾਰੀ ਲਈ ਗਈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪੁਲੀਸ ਦੀਆਂ ਲਗਾਤਾਰ ਕਾਰਵਾਈਆਂ ਅਤੇ ਚੌਕਸੀ ਕਾਰਨ ਇਲਾਕੇ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲੀਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲੀਸ ਨਾਲ ਸਾਂਝੀ ਕੀਤੀ ਜਾਵੇ। ਪੁਲੀਸ ਵਲੋ ਆਮ ਲੋਕਾਂ ਦੀ ਪਛਾਣ ਗੁਪਤ ਰੱਖਦਿਆਂ ਉਨ੍ਹਾਂ ਵੱਲੋਂ ਦਿੱਤੀ ਗਈ ਹਰ ਸੂਚਨਾ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੋਈ ਕਾਰਵਾਈ: ਡੀ ਸੀ ਪੀ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆ ਪੁਲੀਸ ਦੇ ਡੀ ਸੀ ਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵੱਲੋਂ ਅੱਜ ਤੜਕਸਾਰ ਸਬ ਡਵੀਜ਼ਨ ਸੈਂਟਰਲ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਚੈਕਿੰਗ ਅਤੇ ਸਰਚ ਮੁਹਿੰਮ ਚਲਾਈ ਗਈ।

