ਪੁਲੀਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਜੂਨ
ਯੁੱਧ ਨਸ਼ਿਆਂ ਵਿਰੱਧ ਮੁਹਿੰਮ ਤਹਿਤ ਅੱਜ ਥਾਣਾ ਮਜੀਠਾ ਰੋਡ ਦੇ ਇਲਾਕੇ ਵਿੱਚ ਕਥਿਤ ਨਸ਼ਾ ਤਸਕਰ ਰਾਕੇਸ਼ ਉਰਫ ਕੇਸ਼ੀ ਵਾਸੀ ਨਵੀਂ ਆਬਾਦੀ ਅੰਮ੍ਰਿਤਸਰ ਦਾ ਮਕਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹ ਦਿੱਤਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਤਸਕਰਾਂ ਦੀਆਂ ਅੱਠ ਜਾਇਦਾਦਾਂ ਨੂੰ ਢਹਿ ਢੇਰੀ ਕੀਤਾ ਜਾ ਚੁੱਕਾ ਹੈ। ਰਾਕੇਸ਼ ਖ਼ਿਲਾਫ਼ ਪਹਿਲਾਂ ਹੀ ਛੇ ਮੁਕੱਦਮੇ ਦਰਜ ਹਨ।
ਇਸ ਮੌਕੇ ਪੁਲੀਸ ਕਮੀਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਸਪੱਸ਼ਟ ਸੰਦੇਸ਼ ਦਿੱਤਾ ਕਿ ਜੋ ਲੋਕ ਨੌਜਵਾਨਾਂ ਦੀ ਜ਼ਿੰਦਗੀ ਵਿੱਚ ਨਸ਼ਿਆਂ ਰੂਪੀ ਜ਼ਹਿਰ ਘੋਲ ਰਹੇ ਹਨ, ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਪੁਲੀਸ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਜੋ ਵੀ ਇਸ ਧੰਦੇ ਵਿੱਚ ਸ਼ਾਮਿਲ ਹੈ, ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਰੋਗੀਆਂ ਦਾ ਇਲਾਜ ਵੀ ਪੁਲੀਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਨਸ਼ਾ ਵਿਰੁੱਧ ਮੁਹਿੰਮ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਪੁਲੀਸ ਰੋਜ਼ਾਨਾ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲੀਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖ ਕੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਸੀਪੀ ਆਲਮ ਵਿਜੈ ਸਿੰਘ, ਏ.ਡੀ.ਸੀ.ਪੀ ਹਰਪਾਲ ਸਿੰਘ, ਏਸੀਪੀ ਰਿਸ਼ਭ ਅਤੇ ਹੋਰ ਅਧਿਕਾਰੀ ਹਾਜ਼ਰ ਸਨ।