
ਨਿੱਝਰਪੁਰਾ ਟੌਲ ਪਲਾਜ਼ਾ ਉੱਪਰ ਪੁਲੀਸ ਵੱਲੋਂ ਕੀਤੀ ਗਈ ਨਾਕਾਬੰਦੀ।
ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 18 ਮਾਰਚ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਪੁਲੀਸ ਵੱਲੋਂ ਸੂਬੇ ਵਿਚ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਗ੍ਹਾ-ਜਗ੍ਹਾ ’ਤੇ ਭਾਰੀ ਪੁਲੀਸ ਬਲ ਤਾਇਨਾਤ ਕਰ ਕੇ ਨਾਕਾਬੰਦੀ ਕੀਤੀ ਗਈ ਹੈ। ਜੀਟੀ ਰੋਡ ਜੰਡਿਆਲਾ ਗੁਰੂ ’ਤੇ ਸਥਿਤ ਨਿੱਝਰਪੁਰਾ ਟੌਲ ਪਲਾਜ਼ਾ ਉੱਪਰ ਐੱਸਪੀ ਜਸਵੰਤ ਕੌਰ ਅਤੇ ਡੀਐੱਸਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਭਾਰੀ ਸੁਰੱਖਿਆ ਦਸਤਿਆਂ ਨਾਲ ਨਾਕਾਬੰਦੀ ਕੀਤੀ ਗਈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਗੜਬੜ ਨਾ ਹੋਵੇ। ਪੁਲੀਸ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਜਿਹੜਾ ਗੁਰੂ ਵੱਲੋਂ ਆਮ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ, ਅਫ਼ਵਾਹਾਂ ਤੋਂ ਬਚਣ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਭਲਕ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਖਬਰ ਲਿਖੇ ਜਾਣ ਤੱਕ ਜੰਡਿਆਲਾ ਗੁਰੂ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਮਾਹੌਲ ਸ਼ਾਂਤੀਪੂਰਨ ਸੀ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ।
ਕਾਦੀਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾ ਬੰਦ
ਕਾਦੀਆਂ (ਮਕਬੂਲ ਅਹਿਮਦ): ਕਾਦੀਆਂ ਸਣੇ ਆਲ਼ੇ-ਦੁਆਲੇ ਦੇ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲੀਸ ਪੂਰੇ ਇਲਾਕੇ ਵਿੱਚ ਹਾਈ ਐਲਰਟ ’ਤੇ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਕੀਤੀ ਕਾਰਵਾੲ ਦੇ ਮੱਦੇਨਜ਼ਰ ਇਹ ਸੇਵਾ ਬੰਦ ਕੀਤੀ ਗਈ ਹੈ। ਕਾਦੀਆਂ ਅਤੇ ਆਲ਼ੇ ਦੁਆਲੇ ਦੇ ਇਲਾਕਿਆਂ ਵਿੱਚ ਪੁਲੀਸ ਪੂਰੀ ਚੌਕਸੀ ਵਰਤ ਰਹੀ ਹੈ। ਜ਼ਿਕਰਯੋਗ ਹੈ ਕਿ ਇੱਥੇ ਬਾਜ਼ਾਰ ਅਤੇ ਹੋਰ ਲੋਕਾਂ ਦਾ ਆਉਣਾ ਜਾਣਾ ਆਮ ਦਿਨਾਂ ਵਾਂਗ ਹੀ ਰਿਹਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ