ਐਨਪੀ ਧਵਨ
ਪਠਾਨਕੋਟ, 21 ਅਕਤੂਬਰ
ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਅਤੇ ਅਤਿਵਾਦ ਨਾਲ ਲੜਦਿਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਪੁਲੀਸ ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਇੱਥੇ ਪੁਲੀਸ ਲਾਈਨ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸ਼ਹੀਦੀ ਸਮਾਰਕ ਉਪਰ ਰੀਥ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਤੋਂ ਇਲਾਵਾ ਹੋਰ ਪੁਲੀਸ ਅਧਿਕਾਰੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਸਮੇਂ ਅਤਿਵਾਦ ਦੇ ਕਾਲੇ ਦੌਰ ਦੌਰਾਨ ਲੜਦਿਆਂ ਹੋਇਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਪਠਾਨਕੋਟ ਦੇ 14 ਸ਼ਹੀਦ ਮੁਲਾਜ਼ਮਾਂ ਤੇ ਅਧਿਕਾਰੀਆਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਅੰਤ ਵਿੱਚ ਸ਼ਹੀਦਾਂ ਦੇ ਪੜ੍ਹ ਰਹੇ ਚਾਰ ਬੱਚਿਆਂ ਨੂੰ 66 ਹਜ਼ਾਰ ਰੁਪਏ ਦੀ ਵਜ਼ੀਫਾ ਰਕਮ ਦੇ ਚੈੱਕ ਵੀ ਭੇਟ ਕੀਤੇ ਗਏ।
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਪੁਲੀਸ ਲਾਈਨ, ਕਮਿਸ਼ਨਰੇਟ ਪੁਲੀਸ, ਅੰਮ੍ਰਿਤਸਰ ਸ਼ਹਿਰ ਵਿੱਚ ਅੱਜ ਸ਼ਹੀਦੀ ਸਮਾਰਕ ਵਿਖੇ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰ, ਪੁਲੀਸ ਕਮਿਸ਼ਨਰ ਅਰੁਣ ਪਾਲ ਸਿੰਘ, ਡੀਸੀਪੀ ਮੁਖਵਿੰਦਰ ਸਿੰਘ ਭੁੱਲਰ, ਡੀਸੀਪੀ ਲਾਅ-ਐਂਡ-ਆਰਡਰ ਪਰਮਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਸਮੂਹ ਮੁੱਖ ਥਾਣਾ ਅਫ਼ਸਰ, ਪੁਲੀਸ ਚੌਕੀਆਂ ਦੇ ਇੰਚਾਰਜ ਸਣੇ ਲਕਸ਼ਮੀ ਕਾਂਤਾ ਚਾਵਲਾ ਨੇ ਸ਼ਰਧਾਂਜਲੀ ਭੇਟ ਕੀਤੀ। ਏਸੀਪੀ ਨੌਰਥ ਅੰਮ੍ਰਿਤਸਰ ਪਰੇਡ ਕਮਾਂਡਰ ਵਰਿੰਦਰ ਸਿੰਘ ਖੋਸਾ ਦੀ ਕਮਾਂਡ ਹੇਠ ਪੁਲੀਸ ਮੁਲਾਜ਼ਮਾਂ ਦੀ ਗਾਰਦ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ।
ਪੁਲੀਸ ਕਮਿਸ਼ਨਰ ਨੇ ਕਿਹਾ ਕਿ ਅੱਜ ਦਾ ਦਿਨ ਪੁਲੀਸ ਵਿਭਾਗ ਵਿੱਚ ਬਹੁਤ ਮਹੱਤਤਾ ਰੱਖਦਾ ਹੈ। ਸ਼ਹੀਦਾਂ ਨੂੰ ਨੂੰ ਯਾਦ ਕਰਨ ਲਈ ਹਰ ਸਾਲ 21 ਅਕਤੂਬਰ ਨੂੰ ਸਮੂਹ ਪੁਲੀਸ ਫੋਰਸ ਵੱਲੋਂ ਸ਼ਹੀਦੀ ਦਿਨ ਵਜੋਂ ਮਨਾਇਆ ਜਾਂਦਾ ਹੈ।
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਡੀਐਸਪੀ ਬਲਾਚੌਰ ਸਬ-ਡਿਵੀਜ਼ਨ ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਾਲੇ ਦਿਨਾਂ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਬਲਾਚੌਰ ਤੇ ਕਾਠਗੜ੍ਹ ਇਲਾਕੇ ਦੇ ਸ਼ਹਾਦਤਾਂ ਦੇਣ ਵਾਲੇ ਪੁਲੀਸ ਕਰਮੀਆਂ ਨੂੰ ਅੱਜ ਵੀ ਉਨ੍ਹਾਂ ਵੱਲੋਂ ਅਮਨ ਦੀ ਬਹਾਲੀ ’ਚ ਪਾਏ ਮਾਣਮੱਤੇ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ। ਜ਼ਿਲ੍ਹਾ ਪੁਲਿਸ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਹਰ ਸਾਲ 21 ਅਕਤੂਬਰ ਨੂੰ ਕੀਤੇ ਜਾਂਦੇ ਜ਼ਿਲ੍ਹਾ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਸ਼ਰਧਾਂਜਲੀ ਦਿੱਤੀ ਜਾਂਦੀ ਹੈ।
ਬਟਾਲਾ (ਹਰਜੀਤ ਸਿੰਘ ਪਰਮਾਰ): ਸਥਾਨਕ ਪੁਲੀਸ ਵੱਲੋਂ ਪੁਲੀਸ ਲਾਈਨ ਵਿਚ ਪੁਲੀਸ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਟਾਲਾ ਪੁਲੀਸ ਦੇ ਸਾਰੇ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਬਟਾਲਾ ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਦਾ ਇਤਿਹਾਸ ਦੱਸਦਿਆਂ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੌਟ ਸਪਰਿੰਗ ਖੇਤਰ ਵਿੱਚ ਸੀਆਰਪੀਐਫ ਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ’ਤੇ ਗਸ਼ਤ ਕਰ ਰਹੀ ਸੀ। ਇਸ ਪਾਰਟੀ ਵਿੱਚ ਸ਼ਾਮਲ ਕਰੀਬ 10 ਜਵਾਨ ’ਤੇ ਚੀਨੀ ਫ਼ੌਜ ਨੇ ਹਮਲਾ ਕਰ ਦਿੱਤਾ। ਇਨ੍ਹਾਂ ਜਵਾਨਾਂ ਨੇ ਬਹਾਦਰੀ ਨਾਲ ਟਾਕਰਾ ਕੀਤਾ ਤੇ ਦੁਸ਼ਮਣ ਨੂੰ ਭਾਰਤ ਦੀ ਸਰਹੱਦ ’ਚ ਦਾਖ਼ਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿੱਚ ਅੱਜ ਪੂਰੇ ਭਾਰਤ ਵਿਚ ‘ਪੁਲੀਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿੱਚ ਕੀਤੀ ਗਈ।