ਪੱਤਰ ਪ੍ਰੇਰਕ
ਧਾਰੀਵਾਲ, 18 ਅਪਰੈਲ
ਥਾਣਾ ਧਾਰੀਵਾਲ ਦਾ ਬਤੌਰ ਮੁਖੀ ਚਾਰਜ ਸੰਭਾਲਣ ਮਗਰੋਂ ਇੰਸਪੈਕਟਰ ਮਨਜੀਤ ਸਿੰਘ ਨੱਤ ਅੱਜ ਇੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿੱਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਬੈੱਲ ਸਬ ਇੰਸਪੈਕਟਰ ਰਜਿੰਦਰ ਕੌਰ ਵੀ ਹਾਜ਼ਰ ਸਨ। ਗੁਰਦੁਆਰੇ ਸਾਹਿਬ ਦੇ ਮੈਨੇਜਰ ਸੰਤੋਖ ਸਿੰਘ ਤਲਵੰਡੀ ਰਾਮਾ ਤੇ ਹੈੱਡਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਕਲੇਰ ਨੇ ਥਾਣਾ ਮੁਖੀ ਮਨਜੀਤ ਸਿੰਘ ਅਤੇ ਸਬ ਇੰਸਪੈਕਟਰ ਰਜਿੰਦਰ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।
ਬਟਾਲਾ (ਖੇਤਰੀ ਪ੍ਰਤੀਨਿਧ): ਬਟਾਲਾ ਦੇ ਨਵੇਂ ਆਈਪੀਐੱਸ ਰਾਜਪਾਲ ਸਿੰਘ ਸੰਧੂ ਨੇ ਅੱਜ ਐੱਸਐੱਸਪੀ ਬਟਾਲਾ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਐੱਸਐੱਸਪੀ ਦਫ਼ਤਰ ਵਿੱਚ ਪਹੁੰਚਣ ’ਤੇ ਬਟਾਲਾ ਪੁਲੀਸ ਦੇ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਗੁਲਦਸਤੇ ਦੇ ਕੇ ਸਵਾਗਤ ਕੀਤਾ ਤੇ ਬਟਾਲਾ ਪੁਲੀਸ ਦੀ ਇੱਕ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ।
ਕਾਹਨੂੰਵਾਨ (ਪੱਤਰ ਪ੍ਰੇਰਕ): ਥਾਣਾ ਭੈਣੀ ਮੀਆਂ ਖਾਂ ਵਿੱਚ ਸਬ-ਇੰਸਪੈਕਟਰ ਮੇਜਰ ਸਿੰਘ ਨੂੰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਥਾਣਾ ਕਾਹਨੂੰਵਾਨ ਵਿੱਚ ਵੀ ਬਤੌਰ ਥਾਣਾ ਮੁਖੀ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਾਬਾਲਗ ਬੱਚਿਆਂ ਨੂੰ ਕਿਸੇ ਤਰ੍ਹਾਂ ਦਾ ਵਾਹਨ ਦੇ ਕੇ ਨਿਯਮਾਂ ਦੀ ਉਲੰਘਣਾ ਨਾ ਕਰਨ।