ਜਤਿੰਦਰ ਬੈਂਸ/ਕੇ.ਪੀ. ਸਿੰਘ
ਗੁਰਦਾਸਪੁਰ, 22 ਅਗਸਤ
ਇਲਾਕੇ ਦੇ ਪਿੰਡ ਖੋਜ਼ੇਪੁੁਰ ਵਿਖੇ ਕੁਝ ਵਿਅਕਤੀਆਂ ਵੱਲੋਂ ਔਰਤਾਂ ਨਾਲ ਕਥਿਤ ਛੇੜਛਾੜ ਕਰਨ ਦੇ ਮਾਮਲੇ ਵਿੱਚ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਭਰਾਤਰੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉੱਤੇ ਪੁਲੀਸ ਚੌਕੀ ਬਰਿਆਰ ਦਾ ਘਿਰਾਓ ਕਰਕੇ ਧਰਨਾ ਦਿੱਤਾ। ਮਾਮਲੇ ਦਾ ਗੰਭੀਰਤਾ ਨੂੰ ਵੇਖਦਿਆਂ ਐੱਸਪੀ (ਐੱਚ) ਨਵਜੋਤ ਸਿੰਘ ਨੇ ਮੌਕੇ ਉੱਤੇ ਪੁੱਜ ਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਅਤੇ ਕਾਰਵਾਈ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਜਿਸ ਤੋਂ ਬਾਅਦ ਜਨਤਕ ਜਥੇਬੰਦੀਆਂ ਨੇ ਧਰਨਾ ਚੁੱਕਿਆ ਅਤੇ ਮੀਟਿੰਗ ਕਰਨ ਉਪਰੰਤ ਐਲਾਨ ਕੀਤਾ ਕਿ ਜੇਕਰ ਇਨਸਾਫ਼ ਨਾ ਮਿਲਿਆ ਅਤੇ ਮੁਲਜ਼ਮਾਂ ਵੱਲੋਂ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪ੍ਰਤੀਕਰਮ ਵਿੱਚ ਵਾਪਰਨ ਵਾਲੀ ਘਟਨਾ ਲਈ ਪੁਲੀਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਕਿਰਤੀ ਕਿਸਾਨ ਯੂਨੀਅਨ ਤੇ ਸੂਬਾ ਆਗੂ ਸਤਬੀਰ ਸਿੰਘ ਸੁਲਤਾਨੀ, ਇਫਟੂ ਦੇ ਸੂਬਾ ਆਗੂ ਜੋਗਿੰਦਰ ਪਾਲ ਪਨਿਆੜ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਰਾਜ ਕੁਮਾਰ ਪੰਡੋਰੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਅਮਰ ਕ੍ਰਾਂਤੀ ਨੇ ਦੱਸਿਆ ਕਿ ਪਿੰਡ ਖੋਜੇਪੁਰ ਵਿਖੇ ਬੀਤੇ ਦਿਨੀਂ ਕੁਝ ਵਿਅਕਤੀਆਂ ਵੱਲੋਂ ਛੇੜਛਾੜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਔਰਤਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲੀਸ ਚੌਂਕੀ ਦਾ ਘਿਰਾਓ ਕੀਤਾ ਹੈ।