ਪੱਤਰ ਪ੍ਰੇਰਕ
ਪਠਾਨਕੋਟ, 12 ਅਗਸਤ
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਪੂਰੇ ਦੇਸ਼ ਵਿੱਚ ‘ਆਜ਼ਾਦੀ ਕਾ ਅੰਮ੍ਰਿਤ’ ਮਹਾਉਤਸਵ ਮਨਾਇਆ ਜਾ ਰਿਹਾ ਹੈ। ਸੁਰੱਖਿਆ ਦੇ ਲਿਹਾਜ਼ ਨਾਲ ਦੇਸ਼ ਭਰ ਵਿੱਚ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਇਸ ਮਹਾਉਤਸਵ ਵਿੱਚ ਅਸਮਾਜਿਕ ਤੱਤ ਕੋਈ ਖਲਲ ਨਾ ਪਾ ਸਕਣ। ਇਸ ਉਦੇਸ਼ ਨੂੰ ਲੈ ਕੇ ਅੱਜ ਸ਼ਾਮ ਨੂੰ ਪਠਾਨਕੋਟ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਵਿੱਚ ਫਲੈਗ ਮਾਰਚ ਕੀਤਾ ਗਿਆ।
ਇਹ ਫਲੈਗ ਮਾਰਚ ਬੱਸ ਸਟੈਂਡ ਤੋਂ ਸ਼ੁਰੂ ਹੋਇਆ ਜੋ ਵਾਲਮੀਕਿ ਚੌਕ, ਗਾਂਧੀ ਚੌਕ, ਡਾਕਖਾਨਾ ਚੌਕ, ਗਾੜੀ ਆਹਾਤਾ, ਏਪੀਕੇ ਰੋਡ, ਸਲਾਰੀਆ ਚੌਕ ਤੋਂ ਹੁੰਦੇ ਹੋਏ ਬੱਸ ਸਟੈਂਡ ਦੇ ਕੋਲ ਸਮਾਪਤ ਹੋਇਆ। ਫਲੈਗ ਮਾਰਚ ਵਿੱਚ ਜ਼ਿਲ੍ਹਾ ਪੁਲੀਸ ਦੇ ਸਾਰੇ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੇ ਵੀ ਹਿੱਸਾ ਲਿਆ। ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖਤਾ ਹਨ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਅਣਪਛਾਤਾ ਵਿਅਕਤੀ ਕਿਸੇ ਵੀ ਅਣਹੋਣੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।
ਭੁਲੱਥ (ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਭੁਲੱਥ ਪੁਲੀਸ ਨੇ ਕਸਬੇ ਵਿੱਚ ਡੀਐੱਸਪੀ ਸੁਖਨਿੰਦਰ ਸਿੰਘ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ। ਇਸ ਸਬੰਧੀ ਡੀਐੱਸਪੀ ਸੁਖਨਿੰਦਰ ਸਿੰਘ ਨੇ ਦੱਸਿਆ ਕਿ 75ਵੇਂ ਆਜ਼ਾਦੀ ਦਿਵਸ ਮੌਕੇ ਅੱਜ ਲੋਕਾਂ ਵਿੱਚ ਅਮਨ-ਸ਼ਾਂਤੀ, ਸਦਭਾਵਨਾ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਜੋ ਭੁਲੱਥ ਦੇ ਬਾਜ਼ਾਰਾਂ ਤੇ ਗਲੀਆਂ ਤੇ ਫਿਰਨੀ ਤੋਂ ਹੁੰਦਿਆਂ ਹੋਇਆਂ ਸਬ ਡਿਵੀਜ਼ਨ ਦਫ਼ਤਰ ਵਿੱਚ ਆ ਕੇ ਸਮਾਪਤ ਹੋਇਆ। ਉਨ੍ਹਾਂ ਦੱਸਿਆ ਕਿ ਮੁੱਖ ਥਾਣਾ ਅਫਸਰ ਭੁਲੱਥ ਸੋਨਮਦੀਪ ਕੌਰ, ਢਿੱਲਵਾਂ ਹਰਪਾਲ ਸਿੰਘ, ਬੇਗੋਵਾਲ ਰਣਜੋਧ ਸਿੰਘ, ਸੁਭਾਨਪੁਰ ਹਰਜੀਤ ਸਿੰਘ, ਰੀਡਰ ਬਲਦੇਵ ਸਿੰਘ ਥਾਣੇਦਾਰ ਜਸਬੀਰ ਸਿੰਘ ਤੇ ਹੋਰ ਹਾਜ਼ਰ ਸਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲੀਸ ਵੱਲੋਂ ਅੱਜ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਗਿਆ। ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਫਲੈਗ ਮਾਰਚ ਦੀ ਅਗਵਾਈ ਕੀਤੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਬਰਕਰਾਰ ਰੱਖਣ ਲਈ ਅਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦੇਣ ਲਈ ਇਹ ਮਾਰਚ ਕੱਢਿਆ ਗਿਆ।
ਉਨ੍ਹਾਂ ਕਿਹਾ ਕਿ ਪੁਲੀਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਰਕਰਾਰ ਰੱਖਣ ਅਤੇ ਬਿਨਾਂ ਕਿਸੇ ਡਰ ਦੇ ਆਜ਼ਾਦੀ ਦਿਵਸ ਮਨਾਉਣ।