ਕੇ.ਪੀ. ਸਿੰਘ
ਗੁਰਦਾਸਪੁਰ, 8 ਜੂਨ
ਸੰਸਦੀ ਹਲਕਾ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਸਨੀ ਦਿਓਲ ਦੀ ਹਲਕੇ ਤੋਂ ਬਣਾਈ ਦੂਰੀ ਕਾਰਨ ਹਲਕੇ ਦੇ ਵੋਟਰ ਉਨ੍ਹਾਂ ਤੋਂ ਕਾਫ਼ੀ ਖ਼ਫਾ ਹਨ। ਪਠਾਨਕੋਟ ਤੋਂ ਬਾਅਦ ਅੱਜ ਗੁਰਦਾਸਪੁਰ ਸ਼ਹਿਰ ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਅਤੇ ਸਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ।
ਇਸ ਮੌਕੇ ਨੌਜਵਾਨਾਂ ਨੇ ਦੋਸ਼ ਲਗਾਏ ਕਿ ਸਨੀ ਦਿਓਲ ਨੇ ਪਿਛਲੇ ਲੰਮੇ ਸਮੇਂ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਅਤੇ ਨਾ ਹੀ ਕਰੋਨਾ ਮਹਾਮਾਰੀ ਦੌਰਾਨ ਕੋਈ ਸਾਰਥਿਕ ਭੂਮਿਕਾ ਨਿਭਾਈ ਹੈ। ਇਸ ਮੌਕੇ ਨੌਜਵਾਨਾਂ ਨੇ ਨੈਤਿਕਤਾ ਦੇ ਆਧਾਰ ’ਤੇ ਸਨੀ ਦਿਓਲ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ। ਨੌਜਵਾਨ ਆਗੂ ਇੰਦਰਪਾਲ ਸਿੰਘ ਅਤੇ ਅਮਰਜੋਤ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਨੌਜਵਾਨਾਂ ਅਤੇ ਹਲਕਾ ਵਾਸੀਆਂ ਨੇ ਸਨੀ ਦਿਓਲ ਨੂੰ ਜਿਤਾਇਆ ਸੀ ਪਰ ਸzਨੀ ਦਿਓਲ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਸਨੀ ਦਿਓਲ ਨੇ ਨਾ ਤਾਂ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਬਾਂਹ ਫੜੀ ਅਤੇ ਨਾ ਹੀ ਕਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਨੌਜਵਾਨਾਂ ਨੇ ਕਿਹਾ ਕਿ ਸਨੀ ਦਿਓਲ ਨੇ ਹਲਕੇ ਦੇ ਲੋਕਾਂ ਦੀ ਕਿਸੇ ਵੀ ਸਮੱਸਿਆ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਨਾ ਤਾਂ ਵੋਟਰਾਂ ਨਾਲ ਸਿੱਧਾ ਸੰਪਰਕ ਸਾਧਿਆ ਅਤੇ ਨਾ ਹੀ ਪ੍ਰਸ਼ਾਸਨ ਨਾਲ ਬੈਠਕਾਂ ਕਰ ਕੇ ਹਲਕੇ ਦੀ ਭਲਾਈ ਲਈ ਕੋਈ ਕਦਮ ਚੁੱਕਿਆ।