ਪੱਤਰ ਪ੍ਰੇਰਕ
ਤਰਨ ਤਾਰਨ, 16 ਸਤੰਬਰ
ਇਲਾਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਵੇਰ ਤੋਂ ਹੀ ਭਾਰੀ ਗਿਣਤੀ ਵਿੱਚ ਸੰਗਤਾਂ ਦਰਸ਼ਨ-ਇਸ਼ਨਾਨ ਕਰਨ ਲਈ ਆਈਆਂ| ਦਰਬਾਰ ਸਾਹਿਬ ਦੇ ਮੈਨੇਜਰ ਭਾਈ ਧਰਵਿੰਦਰ ਸਿੰਘ ਮਾਨੋਚਾਹਲ ਨੇ ਦੱਸਿਆ ਕਿ ਇਸ ਸਮੇਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਰਣਬੀਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਸਤਪਾਲ ਸਿੰਘ ਹੈੱਡ ਗ੍ਰੰਥੀ ਨੇ ਅਰਦਾਸ ਕੀਤੀ ਗਈ। ਸੰਗਤਾਂ ਲਈ ਲੰਗਰ ਦੇ ਅਤੁੱਟ ਪ੍ਰਵਾਹ ਚਲਾਏ ਗਏ| ਗੁਰੂ ਗ੍ਰੰਥ ਸਾਹਿਬ ਨੂੰ ਸੁਨਹਿਰੀ ਪਾਲਕੀ ਵਿਚ ਸਜਾ ਕੇ ਸੰਗਤਾਂ ਨਾਲ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਪਰਿਕਰਮਾ ਕੀਤੀ ਗਈ|
ਅੰਮ੍ਰਿਤਸਰ (ਟਨਸ): ਸਿੱਖ ਸੰਸਥਾਵਾ ਚੀਫ ਖਾਲਸਾ ਦੀਵਾਨ ਅਤੇ ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵੱਖ ਵੱਖ ਕੀਰਤਨ ਦਰਬਾਰ ਸਜਾਏ ਗਏ। ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ਪਤਵੰਤੇ ਸ਼ਾਮਲ ਹੋਏ। ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਗਾਇਨ ਕੀਤਾ।