ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਅਗਸਤ
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਅਤੇ ਕਈ ਹੋਰ ਸਿੱਖ ਸੰਸਥਾਵਾਂ ਤੇ ਗੁਰਦੁਆਰਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418ਵਾਂ ਪ੍ਰਕਾਸ਼ ਪੁਰਬ ਕਾਫ਼ੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕੀਤੇ ਗੁਰਮਤਿ ਸਮਾਗਮ ਸਮੇਂ ਖਾਲਸਾ ਕਾਲਜ ਪਬਲਿਕ ਸਕੂਲ, ਹੇਰ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਦਿਵਸ ਦੀ ਵਧਾਈ ਦਿੱਤੀ ਅਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਪਠਾਨਕੋਟ (ਪੱਤਰ ਪ੍ਰੇਰਕ): ਸਥਾਨਕ ਮੁਹੱਲਾ ਸਰਾਈਂ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਉਤਸਵ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜੀਐਸ ਸੇਠੀ, ਅਮਰਜੀਤ ਸਿੰਘ ਸਾਹਨੀ, ਨਰਾਇਣਦੀਪ ਸਿੰਘ, ਮਨਿੰਦਰ ਸਿੰਘ ਚੱਡਾ, ਸੁਰਜੀਤ ਸਿੰਘ, ਸੀਐਸ ਬੇਦੀ ਆਦਿ ਹਾਜ਼ਰ ਸਨ।
ਭੁਲੱਥ (ਪੱਤਰ ਪ੍ਰੇਰਕ): ਇਸ ਕਸਬੇ ਵਿੱਚ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਭਟਨੂੰਰਾ ਕਲਾਂ, ਭਟਨੂੰਰਾ ਖ਼ੁਰਦ, ਜੈਦ, ਲੰਮੇ, ਬੇਗੋਵਾਲ, ਭਦਾਸ, ਬਾਉਲੀ, ਬੇਗੋਵਾਲ ਤੇ ਹੋਰ ਪਿੰਡਾਂ ਵਿੱਚ ਸਥਾਪਨਾ ਦਿਵਸ ਮਨਾਇਆ ਗਿਆ।
ਤਰਨ ਤਾਰਨ (ਪੱਤਰ ਪ੍ਰੇਰਕ): ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਇਥੋਂ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਵੱਡੀ ਗਿਣਤੀ ਸ਼ਰਧਾਲੂਆਂ ਦਰਬਾਰ ਸਾਹਿਬ ਆ ਕੇ ਦਰਸ਼ਨ-ਇਸ਼ਨਾਨ ਕੀਤੇ ਤੇ ਮਨੋਹਰ ਕੀਰਤਨ ਸਰਵਣ ਕੀਤੇ|