ਪ੍ਰਕਾਸ਼ ਪੁਰਬ: ਹਰਿਮੰਦਰ ਸਾਹਿਬ ਦੀ ਪਰਿਕਰਮਾ ’ਤੇ ਫੁੱਲਾਂ ਦੀ ਵਰਖਾ
ਯੂਨੀਵਰਸਿਟੀ ਦੇ ਖੇਡ ਮੈਦਾਨ ਤੋਂ ਹੈਲੀਕਾਪਟਰ ਨੇ ਉਡਾਣ ਭਰੀ; ਸ੍ਰੀ ਦਰਬਾਰ ਸਾਹਿਬ ਦੇ ਤੇਰਾਂ ਚੱਕਰ ਲਾਏ
ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਉਡਾਣ ਭਰ ਕੇ ਹੈਲੀਕਾਪਟਰ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਪਾਵਨ ਮੌਕੇ ਯੂਨੀਵਰਸਿਟੀ ਦੇ ਖੇਡ ਮੈਦਾਨ ਤੋਂ ਹੈਲੀਕਾਪਟਰ ਨੇ ਦੁਪਹਿਰ ਇੱਕ ਵਜੇ ਆਪਣੀ ਉਡਾਣ ਭਰੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਤੇਰਾਂ ਚੱਕਰ ਲਾਏ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਨੇ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਲਈ ਵੱਡੀ ਮਾਣ ਵਾੀ ਗੱਲ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਦੀ ਇਸ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਨੇ ਸੇਵਾ, ਨਿਮਰਤਾ ਅਤੇ ਪ੍ਰੇਮ ਦਾ ਜੋ ਸਨੇਹਾ ਦਿੱਤਾ ਹੈ, ਉਹ ਅੱਜ ਵੀ ਜੀਵਨ ਲਈ ਪ੍ਰੇਰਣਾ ਸਰੋਤ ਹੈ। ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੈਨੇਜਰ ਭਗਵੰਤ ਸਿੰਘ ਸੰਘੇੜਾ ਅਧਿਕਾਰੀਆਂ ਨੇ ਫੁੱਲਾਂ ਦੀ ਸੇਵਾ ਕਰਨ ਵਾਲੀ ਸੰਗਤ ਹਿਮਾਚਲ ਪ੍ਰਦੇਸ਼ ਚੰਬਾ ਤੋਂ ਸਤਨਾਮ ਜੁਐਲਰਜ਼ ਅਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕੀਤਾ।
ਯੂਨੀਵਰਸਿਟੀ ਦੇ ਖੇਡ ਮੈਦਾਨ ਵਿੱਚੋਂ ਉੱਡੇ ਹੈਲੀਕਾਪਟਰ ਰਾਹੀਂ ਗੁਲਾਬ ਦੇ ਫੁੱਲਾਂ ਦੀ ਵਰਖਾ ਸ੍ਰੀ ਹਰਿਮੰਦਰ ਸਾਹਿਬ ਅਤੇ ਨਗਰ ਕੀਰਤਨ ਦੇ ਮਾਰਗਾਂ ਉੱਪਰ ਕੀਤੀ ਗਈ। ਇਸ ਦੌਰਾਨ ਸਿੱਖ ਸੰਗਤ ਵੱਲੋਂ ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ‘ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ’ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੂੰਜ ਉਠਿਆ।
ਡਾ. ਕਰਮਜੀਤ ਸਿੰਘ ਨੇ ਇਸ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਪਰਿਵਾਰ ਦਾ ਖ਼ਾਸ ਤੌਰ ’ਤੇ ਧੰਨਵਾਦ ਕੀਤਾ। ਫੁੱਲਾਂ ਦੀ ਸੇਵਾ ਕਰਨ ਵਾਲੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਅਤੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਹਿਤ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਪ੍ਰੋ-ਚਾਂਸਲਰ ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਗੁਰਪੁਰਬ ਸਬੰਧੀ ਗੁਰਦੁਆਰਾ ਸਾਹਿਬ ’ਚ ਅਖੰਡ ਪਾਠ ਦੇ ਭੋਗ ਉਪਰੰਤ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕੀਤਾ। ’ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਆ। ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੱਗੋਆਣੀ ਨੇ ਗੁਰੂ ਰਾਮਦਾਸ ਦੇ ਜੀਵਨ ਅਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।