ਪੱਤਰ ਪ੍ਰੇਰਕ
ਚੇਤਨਪੁਰਾ , 3 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਮੋਰਚਾ ਗੁਰੂ ਕਾ ਬਾਗ’ ਦੀ 100ਵੀਂ ਵਰ੍ਹੇਗੰਢ (ਸ਼ਤਾਬਦੀ ਸਮਾਗਮ) ਦੀਆਂ ਤਿਆਰੀਆਂ ਲਗਪਗ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਤਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਵੱਲੋਂ ਤਿਆਰੀਆਂ ਨੂੰ ਅੰਤਮ ਛੋਹਾਂ ਦੇਣ ਲਈ ਇਲਾਕੇ ਦੇ ਮੋਹਤਬਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੌਰਾਨ 6 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦਰਮਿਆਨ ਧਾਰਮਿਕ ਮੁਕਾਬਲੇ ਕਰਵਾਏ ਜਾਣਗੇ, ਅਤੇ 7 ਅਗਸਤ ਨੂੰ ਅੰਮ੍ਰਿਤ ਸੰਚਾਰ ਹੋਵੇਗਾ ਜਦਕਿ 8 ਅਗਸਤ ਨੂੰ ਮੁੱਖ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਬਾਬਾ ਚਰਨ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲੇ, ਜਥੇਦਾਰ ਕੁਲਦੀਪ ਸਿੰਘ ਤੇੜਾ, ਜਥੇਦਾਰ ਬਲਦੇਵ ਸਿੰਘ ਤੇੜਾ, ਭਾਈ ਕਰਮਬੀਰ ਸਿੰਘ ਕਿਆਮਪੁਰ, ਦਵਿੰਦਰ ਸਿੰਘ ਧੁੱਪਸੜੀ, ਸਾਬਕਾ ਸਰਪੰਚ ਕਸ਼ਮੀਰ ਸਿੰਘ ਚੇਤਨਪੁਰਾ ਹਾਜ਼ਰ ਸਨ।