ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਅਪਰੈਲ
ਤਰਕਸ਼ੀਲ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਨੇ ਅੱਜ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵੱਲੋਂ 13 ਅਪਰੈਲ ਨੂੰ ਸੈਲਾਨੀਆਂ ਅਤੇ ਆਮ ਲੋਕਾਂ ਲਈ ਜੱਲ੍ਹਿਆਂਵਾਲਾ ਬਾਗ਼ ਸ਼ਹੀਦ ਸਮਾਰਕ ਨਾ ਖੋਲ੍ਹਣ ਦੇ ਫੈਸਲੇ ਖਿਲਾਫ਼ ਅੱਜ ਜਲ੍ਹਿਆਂਵਾਲਾ ਬਾਗ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਵਿਚ ਜਮਹੂਰੀ ਅਧਿਕਾਰ ਸਭਾ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ, ਸਟੂਡੈਂਟਸ ਫ਼ਾਰ ਸੁਸਾਇਟੀ, ਇਪਟਾ ਅਤੇ ਲੋਕ ਭਲਾਈ ਮੰਚ ਆਦਿ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜੱਲ੍ਹਿਆਂਵਾਲਾ ਬਾਗ਼ ਨੂੰ ਸੈਲਾਨੀਆਂ ਲਈ ਤੁਰੰਤ ਖੋਲ੍ਹਣ ਅਤੇ ਇਤਿਹਾਸਕ ਵਿਰਾਸਤੀ ਢਾਂਚੇ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਗਈ।
ਤਰਕਸ਼ੀਲ ਆਗੂਆਂ ਜਸਪਾਲ ਬਾਸਰਕਾ ਅਤੇ ਜਮਹੂਰੀ ਅਧਿਕਾਰ ਸਭਾ ਦੇ ਐਡਵੋਕੇਟ ਅਮਰਜੀਤ ਬਾਈ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਸਾਰੇ ਸੂਬਿਆਂ ਵਿਚਲੇ ਧਾਰਮਿਕ ਸਥਾਨ, ਸ਼ਾਪਿੰਗ ਮਾਲਜ਼, ਸਿਨੇਮਾਘਰ ਅਤੇ ਹੋਰ ਵਿਰਾਸਤੀ ਸਥਾਨ ਖੁੱਲ੍ਹੇ ਹੋਏ ਹਨ ਪਰ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦੀ ਸਮਾਰਕ ਨੂੰ ਕਰੋਨਾ ਬਿਮਾਰੀ ਦਾ ਬਹਾਨਾ ਬਣਾ ਕੇ ਖੋਲ੍ਹਿਆ ਨਹੀਂ ਜਾ ਰਿਹਾ ਤਾਂ ਕਿ ਆਮ ਲੋਕਾਂ ਨੂੰ ਅਤੇ ਨੌਜਵਾਨ ਪੀੜੀ ਨੂੰ ਬਰਤਾਨਵੀ ਹਕੂਮਤ ਵਲੋਂ ਕੀਤੇ ਜ਼ੁਲਮ ਤੇ ਜ਼ਬਰ ਦੇ ਇਤਿਹਾਸ ਤੋਂ ਵਾਂਝਿਆਂ ਰੱਖਿਆ ਜਾ ਸਕੇ।
ਇਸੇ ਦੌਰਾਨ ਵਿਦਿਆਰਥੀ ਆਗੂ ਨਵਜੋਤ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਦੋਸ਼ ਲਾਇਆ ਕਿ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨ ਅਤੇ ਮਜ਼ਦੂਰ ਵਿਰੋਧੀ ਕਿਰਤ ਕਾਨੂੰਨ ਲਾਗੂ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖਿਆਂ ਮਾਰਨ ਉੱਤੇ ਤੁਲੀ ਹੋਈ ਹੈ।
ਸਰਕਾਰ ’ਤੇ ਦਾਖਲਾ ਟਿਕਟ ਲਾਉਣ ਦੀਆਂ ਕੋਸ਼ਿਸ਼ਾਂ ਦਾ ਦੋਸ਼
ਤਰਕਸ਼ੀਲ ਆਗੂ ਸੁਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਿਛਲੇ ਇਕ ਸਾਲ ਤੋਂ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਂਅ ਹੇਠ ਜੱਲ੍ਹਿਆਂਵਾਲਾ ਬਾਗ਼ ਨੂੰ ਆਮ ਜਨਤਾ ਲਈ ਬੰਦ ਕਰਕੇ ਇਸ ਦੇ ਵਿਰਾਸਤੀ ਢਾਂਚੇ ਨਾਲ ਛੇੜਛਾੜ ਕਰਨ ਅਤੇ ਦਾਖਲਾ ਟਿਕਟ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਕਰੋਨਾ ਦੀ ਦਹਿਸ਼ਤ ਦੀ ਆੜ ਹੇਠ ਜਲ੍ਹਿਆਂਵਾਲਾ ਬਾਗ ਬੰਦ ਕਰਕੇ ਆਮ ਲੋਕਾਂ ਨੂੰ 13 ਅਪਰੈਲ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਰੋਕਿਆ ਜਾ ਰਿਹਾ ਹੈ ਜਿਸ ਦੇ ਖ਼ਿਲਾਫ਼ ਪੰਜਾਬ ਦੀਆਂ ਜਮਹੂਰੀ ਅਤੇ ਜਨਤਕ ਜਥੇਬੰਦੀਆਂ ਵਲੋਂ ਡਟਵਾਂ ਸੰਘਰਸ਼ ਕੀਤਾ ਜਾਵੇਗਾ।