ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਅਤੇ ਕਾਰਕੁਨਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਦੀ ਮੰਗ ਲਈ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗੀ ਜੇ ਅਜਿਹਾ ਨਾ ਹੋ ਸਕਿਆ ਤਾਂ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ ਪਰ ਅਜੇ ਤੱਕ ਬੇਰੁਜ਼ਗਾਰ ਨੌਜਵਾਨਾਂ ਨੂੰ ਭੱਤਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਆਪਣੀ ਮੰਗਾਂ ਦੇ ਹੱਕ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਮੋਟਰਸਾਈਕਲ ਮਾਰਚ ਕਰਕੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ ਸਾਹਮਣੇ ਖਟਕੜ ਕਲਾਂ ਵਿੱਚ ਨੌਜਵਾਨਾਂ ਵੱਲੋਂ 28 ਸਤੰਬਰ ਤੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਦਿਨ ਰਾਤ ਦਾ ਧਰਨਾ ਲਗਾਇਆ ਹੋਇਆ ਹੈ ਪ੍ਰੰਤੂ ਸਰਕਾਰ ਵੱਲੋਂ ਅਜੇ ਤੱਕ ਨੌਜਵਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ।ਤਰਨ ਤਾਰਨ (ਗੁਰਬਖਸ਼ਪੁਰੀ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਚ ਸਰਕਾਰ ਦੇ ਅਫਸਲ ਰਹਿਣ ’ਤੇ ਜ਼ਿਲ੍ਹੇ ਦੇ ਪਿੰਡ ਕੈਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਦੋਸ਼ ਲਗਾਇਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ ਜਾ ਰਿਹਾ ਹੈ| ਇਸ ਮੌਕੇ ਦੇ ਹੋਰਨਾਂ ਤੋਂ ਇਲਾਵਾ ਪਾਰਟੀ ਹਰਜਿੰਦਰ ਸਿੰਘ, ਸ਼ਿਵੰਦਰ ਸਿੰਘ ਚੱਕ, ਦਿਆਲ ਸਿੰਘ ਲੋਹਕਾ, ਬਿੱਕਰ ਸਿੰਘ ਨੱਥੂ ਚੱਕ ਨੇ ਸੰਬੋਧਨ ਕੀਤਾ।ਪਠਾਨਕੋਟ (ਐੱਨਪੀ ਧਵਨ): ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਨੌਜਵਾਨ ਸਭਾ ਪੰਜਾਬ ਦੇ ਆਗੂਆਂ ਨੂੰ ਪਿੰਡ ਖਟਕੜ ਕਲਾਂ ਜਾਣ ਤੋਂ ਰੋਕਣ ਅਤੇ ਨੌਜਵਾਨ ਵਰਗ ਦੀਆਂ ਮੁੱਖ ਮੰਗਾਂ ਰੁਜ਼ਗਾਰ ਦੇਣ ਅਤੇ ਨਸ਼ਾ ਮਾਫੀਆ ਨੂੰ ਖਤਮ ਕਰਨ ਤੋਂ ਪੰਜਾਬ ਸਰਕਾਰ ਦੇ ਪਾਸਾ ਵੱਟ ਲੈਣ ਦੇ ਵਿਰੋਧ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਵੱਲੋਂ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਮਾਸਟਰ ਸੁਭਾਸ਼ ਸ਼ਰਮਾ, ਕਾਮਰੇਡ ਬਲਵੰਤ ਸਿੰਘ ਘੋਹ, ਰਘਬੀਰ ਸਿੰਘ ਧਲੌਰੀਆਂ, ਬਲਦੇਵ ਰਾਜ ਭੋਆ, ਬਲਬੀਰ ਸਿੰਘ ਬ੍ਹੇੜੀਆਂ, ਰਾਮ ਬਿਲਾਸ ਠਾਕੁਰ, ਹਰਜਿੰਦਰ ਸਿੰਘ ਲਮੀਨੀ, ਸਕੱਤਰ ਸਿੰਘ ਨਰੰਜਣ ਸਿੰਘ ਢਡਵਾਲ, ਕੁਲਦੀਪ ਰਾਜ, ਨਰੋਤਮ ਸਿੰਘ ਆਦਿ ਸ਼ਾਮਲ ਸਨ। ਸਮੂਹ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀਆਂ ਗੱਲਾਂ ਕਰਕੇ ਸੱਤਾ ਵਿਚ ਆਈ ਸੀ ਪਰ ਸਾਢੇ ਤਿੰਨ ਸਾਲ ਦੇ ਰਾਜ ਵਿੱਚ ਅਜਿਹਾ ਕੁੱਝ ਵੀ ਨਹੀਂ ਵਾਪਰਿਆ।