ਸਰਕਾਰ ਤੇ ਮਿਲਕਫ਼ੈੱਡ ਚੈਅਰਮੈਨ ਖ਼ਿਲਾਫ਼ ਮੁਜ਼ਾਹਰਾ
ਵੇਰਕਾ ਆਊਟਸੌਰਸ ਯੂਨੀਅਨ ਵੱਲੋਂ ਅਪਣੀਆਂ ਮੰਗਾਂ ਦੇ ਹੱਕ ਵਿਚ ਅੱਜ ਪੰਜਾਬ ਸਰਕਾਰ ਤੇ ਮਿਲਕਫ਼ੈੱਡ ਚੈਅਰਮੈਨ ਦੇ ਪੁਤਲੇ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਯੂੁਨੀਅਨ ਨੇ ਕਿਹਾ ਕਿ 18 ਅਗਸਤ ਨੂੰ ਵੇਰਕਾ ਦੇ 4 ਵੱਡੇ ਪਲਾਂਟ ਅੰਮ੍ਰਿਤਸਰ, ਮੁਹਾਲੀ, ਜਲੰਧਰ, ਲੁਧਿਆਣਾ ਵਿੱਚ ਸੂਬਾ ਪੱਧਰੀ ਧਰਨੇ ਦੇਣ ਦਾ ਫ਼ੈਸਲਾ ਕੀਤਾ ਅਤੇ ਕਿਹਾ ਕਿ ਇਹ ਧਰਨੇ ਮੰਗਾਂ ਪੂਰੀਆਂ ਹੋਣ ਤੱਕ ਕੀਤੇ ਜਾਣਗੇ। ਯੂਨੀਅਨ ਆਗੂ ਸੁਖਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ| ਪਰ ਮਿਲਕਫ਼ੈੱਡ ਅਦਾਰਾ (ਸਹਿਕਾਰਤਾ) ਮੁੱਖ ਮੰਤਰੀ ਕੋਲ ਹੋਣ ਦੇ ਬਾਵਜੂਦ ਵੀ ਮਿਲਕਫ਼ੈੱਡ ਵਿੱਚ ਕੰਮ ਕਰਦੇ ਵਰਕਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪੀਸਣ ਲਈ ਮਜ਼ਬੂਰ ਹਨ ਤੇ ਮਿਲਕਫ਼ੈਡ ਵਿੱਚ ਨਿੱਜੀਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਆਊਟਸੌਰਸ ਵਰਕਰਾਂ ਨੂੰ ਪੱਕਾ ਕਰਨ ਲਈ ‘ਆਪ’ ਸਰਕਾਰ ਵੱਲੋਂ ਹਾਲੇ ਤੱਕ ਕੋਈ ਨੀਤੀ ਨਹੀਂ ਬਣਾਈ ਗਈ ਸਗੋਂ ਮਿਲਕਫ਼ੈਡ ਦੇ ਵਰਕਰਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਕਥਿਤ ਧਮਕੀਆ ਦਿੱਤੀਆਂ ਜਾ ਰਹੀਆਂ ਹਨ ਜਿਸ ਦਾ ਵਿਰੋਧ ਕੀਤਾ ਜਾਵੇਗਾ।