ਆਦਿਵਾਸੀਆਂ ਦੇ ਕਤਲੇਆਮ ਦਾ ਵਿਰੋਧ
ਆਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਨੇ ਆਦਿਵਾਸੀ ਇਲਾਕਿਆਂ ਵਿੱਚ ਆਦਿਵਾਸੀਆਂ ਦੇ ਕੀਤੇ ਜਾ ਰਹੇ ਕਤਲੇਆਮ, ਉਜਾੜੇ ਅਤੇ ਇਸ ਪਿਛਲੇ ਕਾਰਪੋਰੇਟ ਲੁੱਟ ਦੇ ਮਨੋਰਥ ਦੇ ਵਿਰੋਧ ਵਿੱਚ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੇ ਤਹਿਤ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਫਰੰਟ ਦੇ ਕਨਵੀਨਰ ਡਾ. ਪਰਮਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪਿਛਲੇ ਡੇਢ ਸਾਲ ਦੇ ਅਰਸੇ ਅੰਦਰ ‘ਓਪਰੇਸ਼ਨ ਕਗਾਰ’ ਤਹਿਤ ਬਸਤਰ ਖੇਤਰ ਅੰਦਰ ਸੁਰੱਖਿਆ ਬਲਾਂ ਵੱਲੋਂ ‘ਮੁਕਾਬਲਿਆਂ’ ਦੇ ਨਾਂਅ ਹੇਠ 350 ਤੋਂ ਵੱਧ ਹੱਤਿਆਵਾਂ ਕੀਤੀਆਂ ਗਈਆਂ ਹਨ ਤੇ ਕੇਂਦਰ ਜਾਂ ਸੂਬਾ ਸਰਕਾਰਾਂ ਵੱਲੋਂ ਕਿਸੇ ਇਕ ਵੀ ਪੁਲੀਸ ਮੁਕਾਬਲੇ ਦੀ ਅਦਾਲਤੀ ਜਾਂਚ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਮਾਓਵਾਦੀ ਪਾਰਟੀ ਦੀ ਕੇਂਦਰੀ ਕਮੇਟੀ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਬੁੱਧੀਜੀਵੀਆਂ ਵੱਲੋਂ ਗੱਲਬਾਤ ਦੀ ਲਿਖਤੀ ਪੇਸ਼ਕਸ਼ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਉਨ੍ਹਾਂ ਨੇ ਦੋਸ਼ ਲਾਇਆ ਕਿ ‘ਮਾਰਚ 2026 ਤੱਕ ਨਕਸਲਵਾਦ ਦਾ ਸਫ਼ਾਇਆ ਕਰਨ’ ਦੀ ਭਾਜਪਾ ਦੀ ਨੀਤੀ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਦੀ ਬਜਾਏ ਕਥਿਤ ਵਿਕਾਸ ਦੇ ਨਾਂ ਹੇਠ ਕਾਰਪੋਰੇਟ ਪ੍ਰੋਜੈਕਟਾਂ ਦਾ ਰਾਹ ਸਾਫ਼ ਕਰਨ ਦੀ ਫਾਸ਼ੀਵਾਦੀ ਨੀਤੀ ਹੈ, ਜਿਸ ਦਾ ਮੁਲਕ ਦੇ ਹਿਤਾਂ ਅਤੇ ਲੋਕਾਂ ਦੀ ਬਿਹਤਰੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।