ਪੱਤਰ ਪ੍ਰੇਰਕ
ਤਰਨ ਤਾਰਨ, 18 ਜੂਨ
ਇਥੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਲੋਕਾਂ ਦੇ ਭੱਖਦੇ ਮਸਲਿਆਂ ਸਬੰਧੀ ਵਿਰੋਧ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਖਣਾ ਦੀ ਅਗਵਾਈ ਵਿੱਚ ਕੀਤੇ ਇਸ ਪਰਦਰਸ਼ਨ ਵਿੱਚ ਜ਼ਿਲ੍ਹੇ ਭਰ ਤੋਂ ਪਾਰਟੀ ਵਾਲੰਟੀਅਰਾਂ ਨੇ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਸੂਬਾ ਸਰਕਾਰ ਵਲੋਂ ਕੋਵਿਡ-19 ਦੀ ਆੜ ਹੇਠ ਪਾਵਰਕੌਮ ਅਦਾਰੇ ਰਾਹੀਂ ਘਰੇਲੂ ਖਪਤਕਾਰ, ਕਾਰੋਬਾਰੀਆਂ, ਸਨਅਤ ਆਦਿ ਦੀ ਕੀਤੀ ਲੁੱਟ ਖ਼ਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਬੁਲਾਰਿਆਂ ਇਨ੍ਹਾਂ ਖੇਤਰਾਂ ਦੇ ਖਪਤਕਾਰਾਂ ਦੇ ਤਿੰਨ ਮਹੀਨਿਆਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦੀ ਮੰਗ ਕੀਤੀ।