ਪੱਤਰ ਪ੍ਰੇਰਕ
ਫ਼ਤਿਹਗੜ੍ਹ ਚੂੜੀਆਂ, 10 ਫਰਵਰੀ
ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਰੋਨਾ ਦੀ ਆੜ ਹੇਠ ਬੰਦ ਕੀਤੇ ਗਏ ਸਕੂਲਾਂ ਤੇ ਕਾਲਜਾਂ ਨੂੰ ਖੁੱਲ੍ਹਵਾਉਣ ਲਈ ਤਹਿਸੀਲ ਦਫ਼ਤਰ ਫਤਹਿਗੜ੍ਹ ਚੂੜੀਆਂ ਅੱਗੇ ਰੋਸ ਧਰਨਾ ਦੇ ਕੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਅਤੇ ਜਨਰਲ ਸਕੱਤਰ ਦਲਜੀਤ ਸਿੰਘ ਚਿਤੌੜਗੜ੍ਹ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਨੇ ਕਿਸੇ ਵਿਗਿਆਨਕ ਆਧਾਰ ਤੋਂ ਬਿਨਾਂ ਹੀ ਕਰੋਨਾ ਦੀ ਆੜ ਹੇਠ ਸਕੂਲ ਤੇ ਕਾਲਜ ਬੰਦ ਕਰ ਕੇ ਆਮ ਕਿਸਾਨਾਂ ਅਤੇ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚਿਆਂ ਦਾ ਆਪਣੇ ਅਧਿਆਪਕਾਂ ਰਾਹੀਂ ਸਹੀ ਸਰਵਪੱਖੀ ਸਿੱਖਿਆ ਗ੍ਰਹਿਣ ਕਰਨ ਦਾ ਹੱਕ ਖੋਹਿਆ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਆਨਲਾਈਨ ਸਿੱਖਿਆ ਦਾ ਫ਼ੈਸਲਾ ਲਾਗੂ ਕਰ ਕੇ ਮੋਬਾਈਲ ਫੋਨਾਂ ’ਤੇ ਡੇਟਾ ਕੰਪਨੀਆਂ ਦੇ ਵਾਰੇ ਨਿਆਰੇ ਕੀਤੇ ਗਏ ਹਨ। ਇਨ੍ਹਾਂ ਦੇ ਮਹਿੰਗੇ ਖ਼ਰਚੇ ਝੱਲਣੋਂ ਅਸਮਰੱਥ ਗ਼ਰੀਬ ਕਿਸਾਨਾਂ ਮਜ਼ਦੂਰਾਂ ਤੇ ਹੋਰ ਕਿਰਤੀਆਂ ਦੇ ਬੱਚੇ ਇਸ ਅਧੂਰੀ ਸਿੱਖਿਆ ਤੋਂ ਵੀ ਵਾਂਝੇ ਰਹਿ ਰਹੇ ਹਨ।