ਜਮਹੂਰੀ ਕਿਸਾਨ ਸਭਾ ਵੱਲੋਂ ਧਰਨਾ
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਥਾਣਾ ਅਜਨਾਲਾ ਦੀ ਪੁਲੀਸ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੁਲੀਸ ਥਾਣਾ ਅਜਨਾਲਾ ਦੇ ਸਾਹਮਣੇ ਰੋਸ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡ ਪੂੰਗਾ ਦੇ ਚਾਰ ਨੌਜਵਾਨਾਂ ਤੇ ਸਕੂਲ ਪੜਦੇ ਵਿਦਿਆਰਥੀਆਂ ਵਿਰੁੱਧ ਬਣਾਏ ਗਏ ਸਿਆਸੀ ਅਧਾਰ ’ਤੇ ਨਾਜਾਇਜ਼ ਤੇ ਝੂਠਾ ਮੁਕੱਦਮਾ ਦਰਜ ਕੀਤਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਜਦੋਂ ਤੱਕ ਪਰਚਾ ਰੱਦ ਨਹੀਂ ਕੀਤਾ ਜਾਂਦਾ ਧਰਨਾ ਜਾਰੀ ਰਹੇਗਾ। ਉਪਰੰਤ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਧਰਨੇ ਦੇ ਆਗੂਆਂ ਨਾਲ ਲੰਮੀ ਵਿਚਾਰ ਚਰਚਾ ਤੋਂ ਬਾਅਦ ਧਰਨੇ ਵਿੱਚ ਪਹੁੰਚ ਕੇ ਵਿਸ਼ਵਾਸ ਦਵਾਇਆ ਕਿ ਜਲਦੀ ਤੋਂ ਜਲਦੀ ਪੜਤਾਲ ਕਰਕੇ ਪਰਚਾ ਰੱਦ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਜੱਗਾ ਸਿੰਘ ਡੱਲਾ, ਨੌਜਵਾਨ ਸਭਾ ਦੇ ਸੀਨੀਅਰ ਆਗੂ ਸਤਵਿੰਦਰ ਸਿੰਘ ਓਠੀਆਂ, ਔਰਤ ਮੁਕਤੀ ਮੋਰਚਾ ਦੀ ਕਾਰਕੁੰਨ ਰਾਜ ਕੌਰ, ਗੁਰਪਾਲ ਸਿੰਘ ਆਦਿ ਨੇ ਸੰਬੋਧਨ ਕੀਤਾ।