ਸਿਮਰਤਪਾਲ ਬੇਦੀ
ਜੰਡਿਆਲਾ ਗੁਰੂ, 25 ਜੁਲਾਈ
ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ’ਚ ਆਪਣੀਆਂ ਮੰਗਾਂ ਸਬੰਧੀ ਰੋਸ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਵਿੱਚ ਪੰਜਾਬ ਭਰ ਤੋਂ ਆਏ ਮੀਟਰ ਰੀਡਰਾਂ ਨੇ ਪੰਜਾਬ ਸਰਕਾਰ ਤੇ ਬਿਜਲੀ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ।
ਪਾਵਰਕੌਮ ਮੀਟਰ ਰੀਡਰ ਯੂਨੀਅਨ ਦੇ ਸੂਬਾਈ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਦੋ ਵਾਰ ਬਿਜਲੀ ਮੰਤਰੀ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇ ਚੁੱਕੇ ਹਨ ਅਤੇ ਆਪਣੀਆਂ ਮੰਗਾਂ ਬਾਰੇ ਉਨ੍ਹਾਂ ਨੂੰ ਵਿਸਥਾਰ ਵਿੱਚ ਦੱਸ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕਿਸੇ ਮੰਗ ਵੱਲ ਪੰਜਾਬ ਸਰਕਾਰ ਨੇ ਕੋਈ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਮੀਟਰ ਰੀਡਰ ਯੂਨੀਅਨ ਵੱਲੋਂ ਪਿਛਲੇ 102 ਦਿਨਾਂ ਤੋਂ ਪੱਕਾ ਮੋਰਚਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਘਰ ਅੱਗੇ ਚੱਲ ਰਿਹਾ ਹੈ ਅਤੇ ਅੱਜ ਮੀਟਰ ਰੀਡਰ ਯੂਨੀਅਨ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਫਤਰ ਅੱਗੇ ਵੀ ਆਪਣੀਆਂ ਮੰਗਾਂ ਮੰਨੇ ਜਾਣ ਤੱਕ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਟਰ ਰੀਡਰਾਂ ਦੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਕੋਲੋਂ ਪੱਕੇ ਹੋਣ ਦੀ ਮੰਗ ਬਿਲਕੁਲ ਨਹੀਂ ਕਰ ਰਹੇ ਸਗੋਂ ਸਿਰਫ਼ ਡੇਲੀਵੇਜ ਜਾਂ ਵਰਕ ਚਾਰਜ ਰਾਹੀਂ ਭਰਤੀ ਕਰਕੇ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਪੰਜਾਬ ਸਰਕਾਰ ਕੋਲੋਂ ਮੰਗ ਕਰ ਰਹੇ ਹਨ।