ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੇ ਰੋਸ ਵਜੋਂ ਅਤੇ ਪੰਜਾਬ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਪਾਰਟੀ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸ਼ੁਰੂ ਹੋ ਕੇ ਵਾਇਆ ਬਾਈਪਾਸ ਅਟਾਰੀ ਰੋਡ ਇੰਡੀਆ ਗੇਟ ਤੱਕ ਪਹੁੰਚ ਕੇ ਸਮਾਪਤ ਹੋਇਆ। ਮੋਟਰਸਾਈਕਲ ਮਾਰਚ ਦੀ ਅਗਵਾਈ ਜ਼ਿਲ੍ਹਾ ਅੰਮ੍ਰਿਤਸਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਕੀਤੀ ਗਈ। ਮਾਰਚ ਦੀ ਸ਼ੁਰੂਆਤ ਸਮੇਂ ਸੀਨੀਅਰ ਲੀਡਰਸ਼ਿਪ ਵਿੱਚੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ, ਪ੍ਰਗਟ ਸਿੰਘ, ਕੁਲਵੰਤ ਸਿੰਘ, ਹਰਭਜਨ ਸਿੰਘ ਤੁੜ, ਪ੍ਰਗਟ ਸਿੰਘ ਮੀਆਂਵਿੰਡ , ਜਤਿੰਦਰ ਸਿੰਘ ਮਹਿਤਾ ਅਤੇ ਭਾਈ ਸ਼ਮਸ਼ੇਰ ਸਿੰਘ ਪੱਧਰੀ ਮੌਜੂਦ ਸਨ। ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਜਸਕਰਨ ਸਿੰਘ ਰਿਆੜ, ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਮਨਦੀਪ ਸਿੰਘ ਡੱਡੂਆਣਾ ਨੇ ਇਸ ਰੋਸ ਮਾਰਚ ਦੀ ਅਗਵਾਈ ਕੀਤੀ
ਪਾਰਟੀ ਦੇ ਮੀਡੀਆ ਸਕੱਤਰ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਣ-ਬੁੱਝ ਕੇ ਉਸ ਨੂੰ ਪੰਜਾਬ ਤੋਂ ਬਾਹਰ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ, ਜਦੋਂ ਕਿ ਐੱਨ ਐੱਸ ਏ ਦੀ ਮਿਆਦ ਵੀ ਖਤਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰੋਸ ਮਾਰਚ ਦੀ ਖਬਰ ਮਿਲਣ ਤੋਂ ਬਾਅਦ ਪੁਲੀਸ ਵੱਲੋਂ ਬੀਤੀ ਸ਼ਾਮ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਇਕਾਈ ਦੇ ਮੁਖੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਪਰ ਪਾਰਟੀ ਦਾ ਵਿਰੋਧ ਦੇਖਦਿਆਂ ਉਸ ਨੂੰ ਦੇਰ ਸ਼ਾਮ ਨੂੰ ਰਿਹਾਅ ਕਰ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਰੋਸ ਮਾਰਚ ਸਿਰਫ਼ ਇਕ ਸ਼ੁਰੂਆਤ ਹੈ ਅਤੇ ਜੇ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

