ਗੁਰਬਖਸ਼ਪੁਰੀ
ਤਰਨ ਤਾਰਨ, 23 ਜੂਨ
ਕੋਈ ਪੰਜ ਮਹੀਨੇ ਪਹਿਲਾਂ ਦਿੱਲੀ ਦੇ ਮੋਰਚੇ ਵਿੱਚ ਭਾਗ ਲੈਂਦਿਆਂ ਸ਼ਹੀਦ ਹੋਏ ਕਿਸਾਨ ਸੁਰਜੀਤ ਸਿੰਘ ਵਾਸੀ ਚੀਮਾ ਖੁਰਦ ਦੇ ਪਰਿਵਾਰ ਨੂੰ ਸੂਬਾ ਸਰਕਾਰ ਵੱਲੋਂ ਐਲਾਨੀ ਮਾਲੀ ਇਮਦਾਦ ਜਾਰੀ ਨਾ ਕਰਨ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਅੱਜ ਇੱਥੇ ਐੱਸਡੀਐੱਮ ਦਫਤਰ ਸਾਹਮਣੇ ਧਰਨਾ ਦਿੱਤਾ| ਜਮਹੂਰੀ ਕਿਸਾਨ ਸਭਾ ਅਤੇ ਕੁਲ ਹਿੰਦ ਕਿਸਾਨ ਸਭਾ ਦੇ ਸਾਂਝੇ ਝੰਡੇ ਹੇਠ ਦਿੱਤੇ ਧਰਨੇ ਵਿੱਚ ਸ਼ਾਮਲ ਕਿਸਾਨਾਂ ਦੀ ਅਗਵਾਈ ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰਾ ਨੇ ਕੀਤੀ| ਧਰਨਾਕਾਰੀਆਂ ਨੂੰ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ ਝਬਾਲ, ਪ੍ਰਿਥੀਪਾਲ ਸਿੰਘ ਮਾੜੀਮੇਘਾ, ਹਰਦੀਪ ਸਿੰਘ ਰਸੂਲਪੁਰ, ਦਵਿੰਦਰ ਸੋਹਲ, ਰਵਿੰਦਰ ਸਿੰਘ ਚੀਮਾ ਆਦਿ ਨੇ ਸੰਬੋਧਨ ਕੀਤਾ| ਬੁਲਾਰਿਆਂ ਕਿਹਾ ਕਿ ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹਨ ਪਰ ਦੂਸਰੇ ਪਾਸੇ ਉਨ੍ਹਾਂ ਦੀ ਸਰਕਾਰ ਦੇ ਅਧਿਕਾਰੀ ਇਸ ਮੋਰਚੇ ਦੇ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ ਖੱਜਲ ਖੁਆਰ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਕਿਸਾਨ ਹੱਕੀ ਲੜਾਈ ਤੋਂ ਪਿੱਛੇ ਨਹੀਂ ਹਟਣਗੇ।