ਐੱਨਪੀਧਵਨ
ਪਠਾਨਕੋਟ, 30 ਮਈ
ਖੱਬੇ ਪੱਖੀ ਪਾਰਟੀਆਂ ਸੀਪੀਆਈ ਅਤੇ ਸੀਪੀਐਮ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਇੱਕ ਰੈਲੀ ਕੀਤੀ ਗਈ ਜਿਸ ਦੀ ਅਗਵਾਈ ਸੀਪੀਐੱਮ ਦੇ ਜ਼ਿਲ੍ਹਾ ਸਕੱਤਰ ਕੇਵਲ ਕਾਲੀਆ ਅਤੇ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸੱਤਿਆ ਦੇਵ ਸੈਣੀ ਨੇ ਕੀਤੀ। ਇਸ ਰੈਲੀ ਨੂੰ ਹਰਬੰਸ ਲਾਲ, ਅਮਰੀਕ ਸਿੰਘ, ਬਾਲ ਕ੍ਰਿਸ਼ਨ, ਬਿਕਰਮਜੀਤ, ਬਲਬੀਰ ਸਿੰਘ, ਅਵਿਨਾਸ਼ ਸੈਣੀ, ਪ੍ਰੇਮ ਸਿੰਘ, ਅੰਗਰੇਜ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਸਮੂਹ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਧਦੀ ਮਹਿੰਗਾਈ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਨਤੀਜਾ ਹੈ। ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿਤਾਂ ਨੂੰ ਪਹਿਲ ਦਿੰਦੀ ਹੈ ਅਤੇ ਆਮ ਆਦਮੀ ਦੇ ਹਿਤਾਂ ਦੀ ਅਣਦੇਖੀ ਕਰਦੀ ਹੈ।
ਗੁਰਦਾਸਪੁਰ(ਜਤਿੰਦਰ ਬੈਂਸ): ਦੇਸ਼ ਅੰਦਰ ਲਗਾਤਾਰ ਵੱਧਦੀ ਮਹਿੰਗਾਈ, ਬੇਰੁਜ਼ਗਾਰੀ ਅਤੇ ਫਿਰਕਾਪ੍ਰਸਤੀ ਖਿਲਾਫ਼ ਖੱਬੇ ਪੱਖੀਆਂ ਪਾਰਟੀਆਂ ਦੇ ਕਾਰਕੁਨਾਂ ਵੱਲੋਂ ਸਥਾਨਕ ਨਹਿਰੂ ਪਾਰਕ ਵਿਖੇ ਰੈਲੀ ਕਰਨ ਉਪਰੰਤ ਰੋਸ ਪ੍ਰਦਰਸ਼ਨ ਕੀਤਾ ਅਤੇ ਵਰ੍ਹਦੇ ਮੀਂਹ ਵਿੱਚ ਸ਼ਹਿਰ ਅੰਦਰ ਰੋਸ ਮਾਰਚ ਵੀ ਕੀਤਾ। ਰੋਸ ਮਾਰਚ ਦੀ ਅਗਵਾਈ ਆਰਐੱਮਪੀਆਈ ਦੇ ਠਾਕੁਰ ਧਿਆਨ ਸਿੰਘ, ਸੀਪੀਆਈ ਦੇ ਰਣਜੀਤ ਸਿੰਘ, ਡੋਗਰ ਮਹੇਸ਼ ਅਤੇ ਸੀਪੀਆਈ ਐੱਮਐੱਲ ਲਬਿਰੇਸ਼ਨ ਦੇ ਸੁਰਜੀਤ ਸਿੰਘ ਸਿੰਘਪੁਰੀਆ ਨੇ ਸਾਂਝੇ ਤੌਰ ਉੱਤੇ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਗੁਰਮੀਤ ਸਿੰਘ ਬਖ਼ਤਪੁਰਾ, ਗੁਲਜਾਰ ਸਿੰਘ ਬਸੰਤਕੋਟ, ਸ਼ਿਵ ਕੁਮਾਰ, ਵਿਜੈ ਸੋਹਲ, ਜਗਜੀਤ ਸਿੰਘ, ਬਲਬੀਰ ਸਿੰਘ ਕੱਤੋਵਾਲ ਅਤੇ ਮੱਖਣ ਸਿੰਘ ਕੁਹਾੜ ਨੇ ਸੰਬੋਧਨ ਕਰਦੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਰਮਾਏਦਾਰ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਵਿੱਚ ਬੇਇੰਤਹਾ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ ਵਿੱਚ ਲੋਕਾਂ ਨਾਲ ਹਰੇਕ ਸਾਲ ਚਾਰ ਕਰੋੜ ਨੌਕਰੀਆਂ ਦੇਣ ਦੇ ਵਾਅਦੇ ਉਲਟ ਪਹਿਲਾਂ ਮਿਲੀਆਂ ਨੌਕਰੀਆਂ ਵੀ ਖੋਹਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਵੱਧ ਰਹੇ ਗੈਂਗਸਟਰਾਂ ਲਈ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਮੌਕੇ ਪੰਜਾਬ ਦੀ ਆਪ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਵਾਅਦੇ ਪੂਰੇ ਨਾ ਕਰਨ ਦੀ ਸੂਰਤ ਵਿੱਚ ਗੰਭੀਰ ਸਿੱਟੇ ਨਿਕਲਣਗੇ।