ਗੁਰਦਾਸਪੁਰ (ਜਤਿੰਦਰ ਬੈਂਸ): ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਅਗਵਾਈ ਹੇਠ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਵੱਲੋਂ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਰੋਸ ਮੁਜ਼ਾਹਰਾ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਿਸਾਨ ਆਗੂ ਸੁਬੇਗ ਸਿੰਘ ਠੱਠਾ ਅਤੇ ਪਲਵਿੰਦਰ ਸਿੰਘ ਕਿਲਾ ਨੱਥੂ ਸਿੰਘ ’ਤੇ ਆਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਆਗੂ ਡਾ.ਅਸ਼ੋਕ ਭਾਰਤੀ ਨੇ ਕਿਹਾ ਕਿ ਲੋਕਾਂ ਨੂੰ ਘਰਾਂ ਵਿੱਚ ਡੱਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨ ਵਿਰੋਧੀ ਏਜੰਡੇ ਨੂੰ ਲਾਗੂ ਕਰਨਾ ਜਾਰੀ ਰੱਖਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਕਿਹਾ ਕਿ ਜਿੱਥੇ ਸਨਅਤਕਾਰਾਂ ਤੇ ਕਾਰਪੋਰੇਟ ਨੂੰ ਭਾਰੀ ਰਿਆਇਤਾਂ ਦਿੱਤੀਆਂ ਗਈਆਂ ਹਨ ਉੱਥੇ ਕਿਸਾਨਾਂ ਦੀ ਖੇਤੀ ਮੋਟਰਾਂ ਦੀ ਮੁਫ਼ਤ ਬਿਜਲੀ ਦੀ ਸਹੂਲਤ ਖੋਹਣ ਲਈ ਬਿਜਲੀ ਸੋਧ ਬਿੱਲ-2020 ਲਿਆਂਦਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਬਿਜਲੀ ਸੋਧ ਬਿੱਲ ਤੇ ਕਿਸਾਨਾਂ ਦੀ ਮੋਟਰਾਂ ਤੇ ਬਿਜਲੀ ਬਿੱਲ ਲਾਉਣ ਦੀ ਤਜਵੀਜ਼ ਰੱਦ ਕਰਨ, ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ਼ ਕਰਨ ਅਤੇ ਕਿਸਾਨਾਂ ਨੂੰ ਡੀਜ਼ਲ ਰਿਆਤ ਕੀਮਤਾਂ ਤੇ ਮੁਹੱਈਆ ਕਰਨ ਸਮੇਤ ਹੋਰ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਗਈ।