ਪੱਤਰ ਪ੍ਰੇਰਕ
ਪਠਾਨਕੋਟ, 15 ਅਕਤੂਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੇ ਪਿੰਡ ਕਟਾਰੂਚੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੂਚੱਕ ਵਿਚ ਹੈੱਡਟੀਚਰ ਕੁਲਵੰਤ ਕੌਰ ਦੀ ਦੇਖ-ਰੇਖ ਹੇਠ ਰੱਖੀ ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕੇ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਪੁੱਜਦੇ ਸਾਰ ਸਭ ਤੋਂ ਪਹਿਲਾਂ ਸਕੂਲ ਨੂੰ ਨਮਨ ਕਰ ਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕਿਹਾ ਕਿ ਉਹ ਵੀ ਖ਼ੁਦ ਇਸ ਸਕੂਲ ਦੇ ਵਿਦਿਆਰਥੀ ਹਨ ਅਤੇ ਇਸ ਸਕੂਲ ਨਾਲ ਉਨ੍ਹਾਂ ਦੀਆਂ ਬਚਪਨ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਅਧਿਆਪਕਾਂ ਨੂੰ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਕਲਾਸਾਂ ਵਿੱਚ ਜਾ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਮਾਪਿਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੀ ਬਿਹਤਰੀ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ।