PSMSU Protest: ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਪੁਤਲੇ ਫੂਕੇ
ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਵਾਲੇ ਸ਼ਬਦ ਵਾਪਸ ਲੈਣ ਦੀ ਮੰਗ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਵੱਲੋਂ ਦਿੱਤੇ ਸੂਬਾ ਪੱਧਰੀ ਐਕਸ਼ਨ ਤਹਿਤ ਜ਼ਿਲ੍ਹਾ ਇਕਾਈ ਪੀ ਐੱਸ ਐੱਮ ਐੱਸ ਯੂ ਜਲੰਧਰ ਵੱਲੋਂ ਅੱਜ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ’ਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਦੇਸ਼ ਵਿਰੋਧੀ ਨਹੀਂ, ਸਗੋਂ ਮੁਲਾਜ਼ਮਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ। ਉਨ੍ਹਾਂ ਵਿੱਤ ਮੰਤਰੀ ਦੇ ਸਬੰਧਤ ਬਿਆਨ ਦੀ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਵਾਲੇ ਸ਼ਬਦ ਤੁਰੰਤ ਵਾਪਸ ਲਏ ਜਾਣ। ਉਨ੍ਹਾਂ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ, ਹਰਮਨ, ਜਸਵੰਤ ਸਿੰਘ, ਹਰਭਜਨ ਸਿੰਘ ਹਾਜ਼ਰ ਆਏ।
ਪਠਾਨਕੋਟ (ਐੱਨ ਪੀ ਧਵਨ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ ਕਹਿਣ ਮਗਰੋਂ ਮੁਲਾਜ਼ਮਾਂ ਵਿੱਚ ਰੋਸ ਹੈ। ਇਸ ਤਹਿਤ ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਅਤੇ ਯੂਨਾਈਟਡ ਐਂਪਲਾਈਜ਼ ਫੋਰਮ ਦੇ ਸੱਦੇ ’ਤੇ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਨੇ ਇੱਥੇ ਡੀ ਸੀ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਵਿੱਤ ਮੰਤਰੀ ਚੀਮਾ ਦਾ ਪੁਤਲਾ ਫੂਕਿਆ। ਇਸ ਰੋਸ ਪ੍ਰਦਰਸ਼ਨ ਨੂੰ ਯੂਨੀਅਨ ਦੇ ਜਨਰਲ ਸਕੱਤਰ ਗੁਰਦੀਪ ਸਫਰੀ, ਪ੍ਰਧਾਨ ਜਗਦੀਪ ਕਟਲ, ਅਰੁਣ ਕੁਮਾਰ, ਰੋਹਿਤ ਨੇ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਅਜਿਹੀ ਸ਼ਬਦਾਵਲੀ ਵਰਤਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਉਨ੍ਹਾਂ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ।

