DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Band: ਪੰਜਾਬ ਬੰਦ ਨੂੰ ਵੱਖ-ਵੱਖ ਜ਼ਿਲ੍ਹਿਆਂ ’ਚ ਭਰਵਾਂ ਹੁੰਗਾਰਾ

ਬਾਜ਼ਾਰ ਤੇ ਕਾਰੋਬਾਰੀ ਅਦਾਰੇ ਬੰਦ ਰਹੇ; ਅਮਨ-ਕਾਨੂੰਨ ਦੀ ਸਥਿਤੀ ਸੰਭਾਲਣ ਲਈ ਪੁਲੀਸ ਨੂੰ ਕੀਤਾ ਗਿਆ ਤਾਇਨਾਤ

  • fb
  • twitter
  • whatsapp
  • whatsapp
featured-img featured-img
ਬੰਦ ਦੇ ਸੱਦੇ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਹਾਲ ਗੇਟ ਨੇੜੇ ਤਾਇਨਾਤ ਪੁਲੀਸ। -ਫੋਟੋ: ਵਿਸ਼ਾਲ
Advertisement

ਨਿੱਜੀ ਪੱਤਰ ਪ੍ਰੇਰਕ

ਅੰਮ੍ਰਿਤਸਰ, 21 ਅਗਸਤ

Advertisement

ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਸਿੱਖ ਸੰਸਥਾ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਸਮੇਤ ਸ਼੍ੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਬੰਦ ਰਹੀਆਂ। ਗੋਲਡਨ ਗੇਟ ’ਤੇ ਆਵਾਜਾਈ ਰੋਕ ਰਹੇ ਕੁਝ ਸਿੱਖਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਅਤੇ ਬਾਅਦ ਵਿੱਚ ਰਿਹਾਅ ਕਰ ਦਿੱਤਾ ਗਿਆ। ਪੰਜਾਬ ਬੰਦ ਦਾ ਇਹ ਸੱਦਾ ਕੌਮੀ ਸੰਘਰਸ਼ ਮੋਰਚੇ ਵੱਲੋਂ ਦਿੱਤਾ ਗਿਆ ਸੀ ਜਿਸ ਤਹਿਤ ਸ਼ਹਿਰ ਅਤੇ ਦਿਹਾਤੀ ਖੇਤਰ ਵਿੱਚ ਵੀ ਦੁਕਾਨਾਂ ਅਤੇ ਕਾਰੋਬਾਰ 2 ਵਜੇ ਤੱਕ ਬੰਦ ਰਹੇ। ਇਸ ਬੰਦ ਨੂੰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਵਾਰਿਸ ਪੰਜਾਬ ਦੇ, ਦਲ ਖਾਲਸਾ, ਹਵਾਰਾ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਤੇ ਹੋਰ ਜਥੇਬੰਦੀਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਪੰਜਾਬ ਵਿੱਚ ਚੱਲ ਰਹੇ ਸਮੂਹ ਵਿਦਿਅਕ ਅਦਾਰੇ ਤੇ ਹੋਰ ਸੰਸਥਾਵਾਂ ਨੂੰ ਵੀ ਰੋਸ ਵਜੋਂ ਬੰਦ ਰੱਖਿਆ ਗਿਆ।

Advertisement

ਅੰਮ੍ਰਿਤਸਰ ਵਿੱਚ ਬੰਦ ਨੂੰ ਚੰਗਾ ਹੁੰਗਾਰਾ ਦੇਖਣ ਨੂੰ ਮਿਲਿਆ। ਸ਼ਹਿਰ ਦੇ ਪ੍ਰਮੁੱਖ ਵਪਾਰਕ ਬਾਜ਼ਾਰਾਂ ਹਾਲ ਬਾਜ਼ਾਰ, ਕਟੜਾ ਜੈਮਲ ਸਿੰਘ , ਰਾਮ ਬਾਗ, ਸ਼ਾਸਤਰੀ ਮਾਰਕੀਟ, ਗੁਰੂ ਬਾਜ਼ਾਰ, ਸੁਨਿਆਰਾਂ ਵਾਲਾ ਬਾਜ਼ਾਰ, ਲਾਰੈਂਸ ਰੋਡ, ਮਾਲ ਰੋਡ, ਹਾਲ ਗੇਟ ,ਪਿੰਕ ਪਲਾਜ਼ਾ ਦੀ ਮਾਰਕੀਟ ਤੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਵਿੱਚ ਵੀ ਕਾਰੋਬਾਰ ਤੇ ਦੁਕਾਨਾਂ ਬੰਦ ਰਹੀਆਂ।

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਹੁਸ਼ਿਆਰਪੁਰ ’ਚ ਭਰਵਾਂ ਸਮਰਥਨ ਮਿਲਿਆ ਹੈ। ਬਾਅਦ ਦੁਪਹਿਰ 2 ਵਜੇ ਤੱਕ ਸਾਰੇ ਵਪਾਰਕ ਅਦਾਰੇ ਅਤੇ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਬੰਦ ਰਹੀਆਂ। ਕਈ ਥਾਵਾਂ ’ਤੇ ਸਰਕਾਰੀ ਸਕੂਲਾਂ ਨੂੰ ਬੰਦ ਸਮਰਥਕਾਂ ਵਲੋਂ ਬੰਦ ਕਰਵਾ ਦਿੱਤਾ ਗਿਆ। ਵੱਖ-ਵੱਖ ਧਾਰਮਿਕ, ਸਮਾਜਿਕ, ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢ ਕੇ ਫ਼ਗਵਾੜਾ ਬਾਈਪਾਸ ’ਤੇ ਧਰਨਾ ਦਿੱਤਾ ਗਿਆ। ਇਸ ਤੋਂ ਇਲਾਵਾ ਜਲੰਧਰ, ਟਾਂਡਾ, ਦਸੂਹਾ ਅਤੇ ਚੰਡੀਗੜ੍ਹ ਮਾਰਗਾਂ ’ਤੇ ਵੀ ਧਰਨੇ ਦੇ ਕੇ ਚੱਕਾ ਜਾਮ ਕੀਤਾ ਗਿਆ। ਬੱਸਾਂ ਦੀ ਆਵਾਜਾਈ ਵੀ ਬੰਦ ਰਹੀ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਖੱਜਲ ਖੁਆਰੀ ਰਹੀ। ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ (ਅ), ਅਕਾਲੀ ਦਲ ਵਾਰਿਸ ਪੰਜਾਬ ਦੇ, ਗੁਰੂ ਰਵਿਦਾਸ ਟਾਈਗਰ ਫ਼ੋਰਸ, ਅੰਬੇਦਕਰ ਸੈਨਾ, ਕ੍ਰਿਸਚੀਅਨ ਨੈਸ਼ਨਲ ਫ਼ਰੰਟ, ਦਲ ਖਾਲਸਾ, ਭਾਰਤੀ ਕਿਸਾਨ ਯੂਨੀਅਨ (ਦੋਆਬਾ) ਆਦਿ ਸਮਰਥਨ ਦਿੱਤਾ।

ਫਿਲੌਰ (ਪੱਤਰ ਪ੍ਰੇਰਕ): ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਰ ਦੇ ਬਜ਼ਾਰ ਬੰਦ ਰਹੇ। ਇਸ ਬੰਦ ਨੂੰ ਵੱਖ ਵੱਖ ਧਾਰਮਿਕ, ਸਿਆਸੀ ਅਤੇ ਕਿਸਾਨ ਜਥੇਬੰਦੀਆਂ ਵਲੋਂ ਵੀ ਸਮਰਥਨ ਦਿੱਤਾ ਗਿਆ ਸੀ।

ਤਰਨ ਤਾਰਨ (ਪੱਤਰ ਪ੍ਰੇਰਕ): ਕੌਮੀ ਇਨਸਾਫ ਮੋਰਚਾ ਦੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ‘ਪੰਜਾਬ ਬੰਦ’ ਦੇ ਸੱਦੇ ਨੂੰ ਜਿਲ੍ਹੇ ਅੰਦਰ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ ਸਰਕਾਰੀ ਸਕੂਲਾਂ ਵਿੱਚ ਵੀ ਬੰਦ ਦਾ ਅਸਰ ਦਿਖਾਈ ਦਿੱਤਾ। ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ ਸੀ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਦੇ ਤਰਨ ਤਾਰਨ ਸ਼ਹਿਰ ਤੋਂ ਇਲਾਵਾ ਕਸਬਾ ਝਬਾਲ, ਸਰਾਏ ਅਮਾਨਤ ਖਾਂ, ਸੁਰਸਿੰਘ, ਖਾਲੜਾ, ਖੇਮਕਰਨ, ਵਲਟੋਹਾ, ਗੰਡੀਵਿੰਡ ਸਰਾਂ, ਹਰੀਕੇ, ਸਰਹਾਲੀ, ਨੌਸ਼ਹਿਰਾ ਪੰਨੂੰਆਂ, ਵਿਖੇ ਵੀ ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ।

ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਦਿੱਤੀ ਬੰਦ ਦੀ ਕਾਲ ਨੂੰ ਹਲਕਾ ਖਡੂਰ ਸਾਹਿਬ ਵਿੱਚ ਭਾਰੀ ਸਮਰਥਨ ਮਿਲਿਆ ਹੈ। ਇਸ ਦੌਰਾਨ ਹਲਕੇ ਨਾਲ ਸਬੰਧਤ ਸਮੁੱਚੇ ਪਿੰਡਾਂ ਕਸਬਿਆਂ ਦੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਦਿਖਾਈ ਦਿੱਤੇ।

ਫਤਿਹਗੜ੍ਹ ਚੂੜੀਆਂ (ਪੱਤਰ ਪ੍ਰੇਰਕ): ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅੱਜ ਫਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਜ਼ਿਆਦਾਤਰ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਰਹੀ।

ਟਾਂਡਾ (ਪੱਤਰ ਪ੍ਰੇਰਕ): ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਟਾਂਡਾ ਅਤੇ ਆਸ ਪਾਸ ਤੇ ਇਲਾਕਿਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ। ਜਲੰਧਰ-ਪਠਾਨਕੋਟ ਕੌਮੀ ਮਾਰਗ ਤੇ ਬਿਜਲੀ ਘਰ ਚੌਂਕ ਟਾਂਡਾ ਵਿੱਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਲਾਇਆ।

ਪੱਟੀ (ਪੱਤਰ ਪ੍ਰੇਰਕ): ਕੌਮੀ ਇਨਸਾਫ਼ ਮੋਰਚਾ ਦੇ ਸੱਦੇ ’ਤੇ ਅੱਜ ਪੰਜਾਬ ਬੰਦ ਨੂੰ ਇਲਾਕੇ ਅੰਦਰੋਂ ਲੋਕਾਂ ਵੱਲੋਂ ਭਰਵਾ ਹੁੰਗਾਰਾ ਮਿਲਿਆ। ਪੱਟੀ ਸ਼ਹਿਰ ਦੇ ਬਾਜ਼ਾਰ ਅਤੇ ਨੇੜਲੇ ਇਲਾਕੇ ਵੀ ਮੁਕੰਮਲ ਤੌਰ ਤੇ ਬੰਦ ਰਹੇ। ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ਮੁਕੰਬਲ ਬੰਦ ਰਹੀ। ਇਸੇ ਤਰਾਂ ਕਸਬਾ ਹਰੀਕੇ ਪੱਤਣ ਵੀ ਮੁਕੰਬਲ ਬੰਦ ਰਿਹਾ।

ਭਿੱਖੀਵਿੰਡ (ਪੱਤਰ ਪ੍ਰੇਰਕ): ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ, ਵਾਰਿਸ ਪੰਜਾਬ ਦੇ ਜਥੇਬੰਦੀ ਸਮੇਤ ਹੋਰ ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਭਿੱਖੀਵਿੰਡ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਤਹਿਤ ਕਸਬੇ ਦੇ ਮੁੱਖ ਬਾਜ਼ਾਰਾਂ ਸਮੇਤ ਜ਼ਿਆਦਾਤਰ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ।

ਭੋਗਪੁਰ (ਪੱਤਰ ਪ੍ਰੇਰਕ): ਪੰਜਾਬ ਬੰਦ ਦੇ ਸੱਦੇ ਦੌਰਾਨ ਸਿਵਾਏ ਦਵਾਈਆਂ ਦੀਆਂ ਦੁਕਾਨਾਂ ਤੋਂ ਭੋਗਪੁਰ ਸ਼ਹਿਰ ਪੂਰਨ ਬੰਦ ਰਿਹਾ। ਇਲਾਕੇ ਦੇ ਸਾਰੇ ਪ੍ਰਾਈਵੇਟ ਸਕੂਲ ਬੰਦ ਰਹੇ ਅਤੇ ਸਰਕਾਰੀ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਹੀ ਰਹੀ। ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬੰਦ ਨੂੰ ਸਮਰਥਨ ਦਿੱਤਾ ਅਤੇ ਕੌਮੀ ਮਾਰਗ ਦੇ ਸ਼ਹਿਰ ਵਿੱਚ ਬਣੇ ਟੀ ਪੁਆਇੰਟ ਉੱਪਰ ਧਰਨਾ ਦੇ ਕੇ ਆਵਾਜਾਈ ਠੱਪ ਰੱਖੀ।

ਜੰਡਿਆਲਾ ਗੁਰੂ (ਪੱਤਰ ਪ੍ਰੇਰਕ): ਇੱਥੇ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਗੁਰੂ ਮਾਨਿਓ ਗ੍ਰੰਥ ਸੇਵਕ ਜਥਾ ਤੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਕਿਸਾਨ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਵੇਰੇ 9 ਵਜੇ ਵਾਲਮੀਕੀ ਚੌਂਕ ਤੋਂ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ।

ਸੁਲਤਾਨਪੁਰ ਲੋਧੀ (ਪੱਤਰ ਪ੍ਰੇਰਕ): ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ, ਜਦਕਿ ਮੁੱਖ ਮਾਰਗਾਂ ’ਤੇ ਵੀ ਆਵਾਜਾਈ ਬੇਹੱਦ ਘੱਟ ਰਹੀ। ਹਲਵਾਈਆਂ, ਸਬਜ਼ੀ ਵਿਕਰੇਤਾਵਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਵੱਖ-ਵੱਖ ਵਰਗਾਂ ਨੇ ਬੰਦ ਨੂੰ ਸਮਰਥਨ ਦਿੱਤਾ।

ਫਗਵਾੜਾ (ਪੱਤਰ ਪ੍ਰੇਰਕ): ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਫਗਵਾੜਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਮੌਕੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਨਿੰਮਾ ਵਾਲਾ ਚੌਂਕ ਵਿਖੇ ਇਕੱਠੇ ਹੋਏ ਅਤੇ ਰੋਸ ਮਾਰਚ ਕੱਢਿਆ।

ਅੰੰਮ੍ਰਿਤਸਰ ’ਚ ਆਵਾਜਾਈ ਰੋਕਦੇ ਕੁਝ ਸਿੱਖ ਆਗੂ ਹਿਰਾਸਤ ਵਿੱਚ ਲਏ਼

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਗੋਲਡਨ ਗੇਟ ’ਤੇ ਆਵਾਜਾਈ ਬੰਦ ਕਰਨ ਦਾ ਯਤਨ ਕਰ ਰਹੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ, ਹਰਪ੍ਰੀਤ ਸਿੰਘ ਬੰਟੀ ਸਮੇਤ ਫੈਡਰੇਸ਼ਨ ਦੇ ਹੋਰ ਮੈਂਬਰ ਪੁਲੀਸ ਵੱਲੋਂ ਗੋਲਡਨ ਗੇਟ ਤੋਂ ਹਿਰਾਸਤ ਵਿੱਚ ਲਏ ਗਏ ਜਿਨ੍ਹਾਂ ਨੂੰ ਬਾਅਦ ਵਿੱਚ ਪੁਲੀਸ ਵੱਲੋਂ ਰਿਹਾਅ ਕਰ ਦਿੱਤਾ ਗਿਆ। ਪੁਲੀਸ ਵੱਲੋਂ ਇਸ ਕਾਰਵਾਈ ਤੋਂ ਪਹਿਲਾਂ ਸਿੱਖ ਆਗੂਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਇਹ ਮਾਰਗ ਤੇ ਆਵਾਜਾਈ ਬੰਦ ਕਰਨ ਤੋਂ ਰੋਕਿਆ ਗਿਆ। ਲੇਕਿਨ ਪ੍ਰਦਰਸ਼ਨਕਾਰੀ ਸਿੱਖ ਆਗੂਆਂ ਵੱਲੋਂ ਇਸ ਮਾਰਗ ਨੂੰ ਆਵਾਜਾਈ ਵਾਸਤੇ ਬੰਦ ਕਰਨ ਲਈ ਬਜ਼ਿੱਦ ਰਹਿਣ ’ਤੇ ਪੁਲੀਸ ਨੇ ਉਨ੍ਹਾਂ ਨੂੰ ਵਾਹਨ ਵਿੱਚ ਬਿਠਾ ਲਿਆ ਅਤੇ ਅਣਦੱਸੀ ਥਾਂ ’ਤੇ ਲੈ ਗਏ। ਇਸ ਦੌਰਾਨ ਹਲਕੀ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨਕਾਰੀਆਂ ਵੱਲੋਂ ਬੰਦੀ ਸਿੱਖ ਰਿਹਾਅ ਕਰੋ, ਦੇ ਨਾਅਰੇ ਲਾਏ ਗਏ।

ਕੌਮੀ ਸ਼ਾਹਰਾਹ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ

਼ਜਲੰਧਰ (ਪੱਤਰ ਪ੍ਰੇਰਕ): ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅੱਜ ਜਲੰਧਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਸਵੇਰੇ 7 ਵਜੇ ਤੋਂ ਸ਼ੁਰੂ ਹੋਏ ਇਸ ਬੰਦ ਦੌਰਾਨ ਮੋਰਚੇ ਦੇ ਆਗੂਆਂ ਅਤੇ ਵੱਖ-ਵੱਖ ਸਿੱਖ ਤੇ ਕਿਸਾਨ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਅਤੇ ਮੁੱਖ ਚੌਕਾਂ ਨੂੰ ਜਾਮ ਕਰਕੇ ਰੋਸ ਧਰਨੇ ਦਿੱਤੇ ਗਏ। ਮੋਰਚੇ ਦੇ ਮੈਂਬਰਾਂ ਵੱਲੋਂ ਜਲੰਧਰ ਦੇ ਪ੍ਰਮੁੱਖ ਗੁਰੂ ਨਾਨਕ ਮਿਸ਼ਨ ਚੌਕ ਦੇ ਵਿਚਕਾਰ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਇਸੇ ਤਰ੍ਹਾਂ ਰਾਮਾ ਮੰਡੀ ਚੌਕ ਵਿਖੇ ਸਿੱਖ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਲਗਾਏ ਗਏ ਧਰਨੇ ਕਾਰਨ ਦਿੱਲੀ-ਅੰਮ੍ਰਿਤਸਰ ਅਤੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਸਥਿਤੀ ਨੂੰ ਦੇਖਦਿਆਂ ਕਈ ਵਾਹਨ ਚਾਲਕਾਂ ਨੇ ਆਪਣੇ ਟਰੱਕ ਅਤੇ ਹੋਰ ਵਾਹਨ ਸੜਕ ਦੇ ਕਿਨਾਰੇ ਹੀ ਖੜ੍ਹੇ ਕਰ ਦਿੱਤੇ। ਇਸ ਤੋਂ ਇਲਾਵਾ ਜਲੰਧਰ ਕੈਂਟ ਵੱਲ ਜਾਣ ਵਾਲੇ ਰਸਤੇ ਵੀ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੇ ਗਏ।

Advertisement
×