ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 22 ਮਈ
ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ ਦਾ ਕਿਸਾਨਾਂ ਨੇ ਸਖ਼ਤ ਨੋਟਿਸ ਲੈਂਦਿਆਂ ਅੱਜ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਤ੍ਰਿਪਤ ਰਾਜਿੰਦਰ ਬਾਜਵਾ ਨੇ ਦਿੱਲੀ ਮੋਰਚੇ ਤੋਂ ਪਰਤਣ ਵਾਲੇ ਕਿਸਾਨਾਂ ਉੱਤੇ ਕਰੋਨਾ ਫੈਲਾਉਣ ਦੇ ਦੋਸ਼ ਲਗਾਇਆ ਹੈ ਤੇ ਅਜਿਹਾ ਬਿਆਨ ਨਿੰਦਣਯੋਗ ਹੈ ਅਤੇ ਮੋਦੀ ਸਰਕਾਰ ਨਾਲ ਕਥਿਤ ਮਿਲੀਭੁਗਤ ਹੋਣ ਦਾ ਸਬੂਤ ਹੈ।
ਪੰਚਾਇਤ ਮੰਤਰੀ ਦੇ ਇਸ ਬਿਆਨ ਨੂੰ ਕਿਸਾਨ ਜਥੇਬੰਦੀਆਂ ਨੇ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਸਰਕਾਰ ਦਾ ਵੀ ਵਿਰੋਧ ਕੀਤਾ ਹੈ। ਜ਼ੋਨ ਸ਼ਹੀਦ ਬੀਬੀ ਸੁੰਦਰੀ ਵਿੱਚ ਸਰਗਰਮ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਗੁੰਨ੍ਹੋਪੁਰ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਵੱਡਾ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਤ੍ਰਿਪਤ ਰਜਿੰਦਰ ਬਾਜਵਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨ ਆਗੂਆਂ ਗੁਰਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਬੀਬੀ ਦਵਿੰਦਰ ਕੌਰ, ਅਮਰਜੀਤ ਸਿੰਘ, ਸੰਦੀਪ ਸਿੰਘ, ਦਿਲਬਾਗ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਜਪਾ ਵਾਂਗ ਕਾਂਗਰਸ ਵੀ ਹਮੇਸ਼ਾਂ ਕਿਸਾਨ ਅਤੇ ਆਮ ਲੋਕਾਂ ਦੀ ਵਿਰੋਧੀ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਪੰਚਾਇਤ ਮੰਤਰੀ ਨੇ ਆਪਣੀ ਇਸ ਗ਼ਲਤ ਬਿਆਨਬਾਜ਼ੀ ਲਈ ਮੁਆਫ਼ੀ ਨਾ ਮੰਗੀ ਤਾਂ ਮੰਤਰੀ ਸਮਤ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਪਰਮਜੀਤ ਸਿੰਘ ਛੀਨਾ, ਬਲਵਿੰਦਰ ਸਿੰਘ ਗੁਨੋਪੁਰ, ਸੁਖਜਿੰਦਰ ਸਿੰਘ, ਰਣਜੀਤ ਸਿੰਘ, ਤਰਸੇਮ ਸਿੰਘ ਭੂਰੀਆ, ਉਂਕਾਰ ਸਿੰਘ, ਧਿਆਨ ਸਿੰਘ ਬਹਾਦਰ ਨੌਸ਼ਹਿਰਾ, ਲੰਬੜਦਾਰ ਬਿਕਰਮਜੀਤ ਸਿੰਘ ਚੌਹਾਨ ਤੇ ਗੁਰਵਿੰਦਰ ਸਿੰਘ ਹਾਜ਼ਰ ਸਨ।