ਐੱਨ. ਪੀ. ਧਵਨ
ਪਠਾਨਕੋਟ, 8 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿੱਚ ਅੱਜ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ, ਬਾਗਬਾਨੀ, ਡੇਅਰੀ ਵਿਭਾਗ, ਮੱਛੀ ਪਾਲਣ, ਸੈਲਫ ਹੈਲਪ ਗਰੁੱਪਾਂ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਹੱਥੀਂ ਤਿਆਰ ਕੀਤੀਆਂ ਵਸਤਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਜਦੋਂ ਕਿ ਪ੍ਰਧਾਨਗੀ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕੀਤੀ।
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਝੋਨੇ ਦੇ ਸੀਜ਼ਨ ਦੌਰਾਨ ਪਹਿਲੀ ਵਾਰ ਹੋਇਆ ਹੈ ਕਿ ਬਿਜਾਈ ਸਮੇਂ ਬਿਜਲੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਗਈ ਅਤੇ ਨਾ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰੇਲੂ ਵਰਤੋਂ ਲਈ ਬਿਜਲੀ ਦੇ ਕੋਈ ਕੱਟ ਲੱਗੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਗੰਨੇ ਦੀ ਕਾਸ਼ਤ ਵੱਡੀ ਪੱਧਰ ’ਤੇ ਕੀਤੀ ਜਾਂਦੀ ਹੈ। ਇਸ ਕਰਕੇ ਕਿਸਾਨਾਂ ਦੀ ਸਹੂਲਤ ਲਈ ਸਹਿਕਾਰੀ ਖੰਡ ਮਿੱਲ ਪਨਿਆੜ ਅਤੇ ਬਟਾਲਾ ਦੀ ਗੰਨਾ ਪੀੜਨ ਦੀ ਸਮਰੱਥਾ ਦੁੱਗਣੀ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕਿਹਾ ਕਿ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਜਾਏ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕੀਤੀ ਜਾਵੇ। ਜ਼ਿਲ੍ਹਾ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ’ਤੇ ਹੁੰਦੇ ਖਰਚੇ ਦਾ ਹਿਸਾਬ-ਕਿਤਾਬ ਰੱਖਣਾ ਚਾਹੀਦਾ ਹੈ।
ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਦੀ ਹਦਾਇਤ
ਅਜਨਾਲਾ (ਸੁਖਦੇਵ ਸਿੰਘ ਸੁੱਖ): ਹਾੜੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਅਜਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ। ਮੇਲੇ ਦਾ ਉਦਘਾਟਨ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਇਸ ਵਾਰ ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕਰਾਂਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ। ਇਸ ਮੌਕੇ ਖੇਤੀ ਅਧਿਕਾਰੀਆਂ ਨੇ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜ਼ਿਲ੍ਹੇ ਵਿੱਚ 1.88 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਣ ਦਾ ਅਨੁਮਾਨ ਹੈ। ਖੇਤੀ ਮਾਹਿਰਾਂ ਨੇ ਖਾਦਾਂ ਦੀ ਜ਼ਿਆਦਾ ਵਰਤੋਂ ਨੂੰ ਰੋਕਣ ਲਈ ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਤੇ ਮਾਹਿਰਾਂ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ।