ਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਲਈ ਵਚਨਬੱਧ: ਸ਼ੈਰੀ ਕਲਸੀ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 9 ਸਤੰਬਰ
ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਇਥੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐੱਫ) ਦੇ ਆਉਂਦੇ ਸਮੇਂ ਵਿੱਚ ਲਾਭਦਾਇਕ ਨਤੀਜੇ ਦੇਖਣ ਨੂੰ ਮਿਲਣਗੇ ਕਿਉਂਕਿ ਜੁਲਾਈ ਮਹੀਨੇ ਤੱਕ ਸੂਬੇ ਭਰ ’ਚੋਂ ਇਸ ਸਕੀਮ ਤਹਿਤ ਕੁੱਲ 8411 ਅਰਜ਼ੀਆਂ ਪ੍ਰਾਪਤ ਹੋਈਆਂ, ਜੋ ਖੇਤੀ ਆਧਾਰਤ ਵੱਖ-ਵੱਖ ਪ੍ਰਾਜੈਕਟ ਸਥਾਪਤ ਕਰਨ ਵਿੱਚ ਨਿਵੇਸ਼ ਲਈ ਖੇਤੀਬਾੜੀ ਨਾਲ ਸਬੰਧਤ ਲੋਕਾਂ ਅਤੇ ਕਿਸਾਨਾਂ ਦੀ ਡੂੰਘੀ ਦਿਲਚਸਪੀ ਅਤੇ ਉਤਸ਼ਾਹ ਨੂੰ ਦਰਸਾਉਂਦਾ ਹੈ। ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕੁੱਲ ਲਾਗਤ 4579 ਕਰੋੜ ਰੁਪਏ ਬਣਦੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ। ਏ.ਆਈ.ਐੱਫ ਸਕੀਮ ਤਹਿਤ ਪੰਜਾਬ ਨੇ ਇਸ ਵਿੱਤੀ ਵਰ੍ਹੇ ਦੀ ਪਹਿਲੀ ਤਿਮਾਹੀ ਦੌਰਾਨ ਵੀ ਵਧੀਆ ਪ੍ਰਦਰਸ਼ਨ ਕਰਦਿਆਂ 117 ਫ਼ੀਸਦੀ ਦਾ ਵਾਧਾ ਦਰਜ ਕੀਤਾ। ਇਸ ਸਕੀਮ ਤਹਿਤ 2 ਕਰੋੜ ਦੇ ਕਰਜ਼ੇ ਤੱਕ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਦਾ ਲਾਭ 7 ਸਾਲਾਂ ਤੱਕ ਮਿਲ ਸਕਦਾ ਹੈ ਅਤੇ ਵਿਆਜ ਦਰ ’ਤੇ 9 ਫੀਸਦੀ ਦੀ ਲਿਮਟ ਰੱਖੀ ਗਈ ਹੈ। ਕਰੈਡਿਟ ਗਾਰੰਟੀ ਫੀਸ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ।