ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 26 ਫਰਵਰੀ
ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਅਤੇ ਸਰਕਾਰੀ ਕਾਲਜ ਅਧਿਆਪਕਾਂ ਵਲੋਂ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰ ਆਰਗੇਨਾਈਜੇਸ਼ਨ ਦੇ ਬੈਨਰ ਥੱਲੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਸੱਤਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਵਾਉਣ ਸਬੰਧੀ ਰੈਲੀ ਕੀਤੀ ਗਈ । ਇਸ ਰੈਲੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ, ਸਰਕਾਰੀ ਅਤੇ ਪ੍ਰਾਈਵੇਟ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਕਾਲਜ ਅਧਿਆਪਕਾਂ ਨੇ ਵੱਡੇ ਪੱਧਰ ’ਤੇ ਪਹੁੰਚ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ। ਰੈਲੀ ਨੂੰ ਪ੍ਰਧਾਨ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰ ਆਰਗੇਨਾਈਜੇਸ਼ਨ ਡਾ. ਐੱਚਐਸ ਕਿੰਗਰਾ ਨੇ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ ਡਾ. ਲਖਵਿੰਦਰ ਸਿੰਘ ਕੰਗ, ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਡਾ ਬਲਜਿੰਦਰ ਸਿੰਘ ਟੌਹੜਾ, ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ।