ਮਕਬੂਲ ਅਹਿਮਦ
ਕਾਦੀਆਂ, 10 ਅਪਰੈਲ
ਇੱਥੇ ਅੱਜ ਰਾਮ ਨੌਵੀਂ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਹਿੰਦੂ, ਸਿੱਖ, ਈਸਾਈ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਸ਼ੋਭਾ ਯਾਤਰਾ ਵਿੱਚ ਸ਼ਰਧਾਲੂ ਹਾਥੀ ਅਤੇ ਘੋੜਿਆਂ ’ਤੇ ਸਵਾਰ ਸਨ ਅਤੇ ਔਰਤਾਂ ਨੇ ਆਪਣੇ ਸਿਰਾਂ ਉਤੇ ਕਲਸ਼ ਚੁੱਕੇ ਹੋਏ ਸਨ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਲੰਘ ਰਹੀ ਸ਼ੋਭਾ ਯਾਤਰਾ ਦਾ ਲੋਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ। ਇਸ ਸ਼ੋਭਾ ਯਾਤਰਾ ਵਿੱਚ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਸ਼੍ਰੋਮਣੀ ਅਕਾਲੀ ਦਲ ਦੇ ਗੁਰਇਕਬਾਲ ਸਿੰਘ ਮਾਹਲ, ਅਹਿਮਦੀਆ ਮੁਸਲਿਮ ਭਾਈਚਾਰੇ ਦੇ ਹਾਫ਼ਿਜ਼ ਸ਼ਰੀਫ਼-ਉਲ-ਹਸਨ, ਮੁਬਸ਼ਰ ਅਹਿਮਦ ਬਦਰ ਸਣੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।