ਪੱਤਰ ਪ੍ਰੇਰਕ
ਸ੍ਰੀ ਹਰਗੋਬਿੰਦਪੁਰ, 16 ਫਰਵਰੀ
ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਦੀ ਚੋਣ ਨੂੰ ਉਸ ਸਮੇਂ ਵਧੇਰੇ ਬਲ ਮਿਲਿਆ ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਨਗਰ ਕੌਂਸਲ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਸ੍ਰੀ ਰੰਧਾਵਾ ਨੇ ਸ਼ਹਿਰ ਵਾਸੀਆਂ ਤੇ ਪਾਰਟੀ ਦੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਜਿਤਾ ਕੇ ਭੇਜਣ ਲਈ ਅਪੀਲ ਕੀਤੀ। ਉਨ੍ਹਾਂ ਕਾਂਗਰਸੀ ਉਮੀਦਵਾਰ ਦਾ ਵਿਰੋਧ ਕਰਨ ਵਾਲੇ ਕਾਂਗਰਸੀ ਅਹੁਦੇਦਾਰਾਂ ਨੂੰ ਗ਼ੱਦਾਰ ਦੱਸਦਿਆਂ ਕਿਹਾ ਕਿ ਪਾਰਟੀ ਵਿੱਚ ਗੱਦਾਰਾਂ ਲਈ ਕੋਈ ਸਥਾਨ ਨਹੀਂ ਹੈ। ਇਸ ਮੌਕੇ ਪੁੱਜੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮਨਦੀਪ ਸਿੰਘ ਰੰਗੜ ਨੰਗਲ ਦੀ ਚੋਣ ਨੂੰ ਆਪਣੀ ਚੋਣ ਦੱਸਦਿਆਂ ਕਿਹਾ ਕਿ ਆਪਣੀ ਵੋਟ ਦਾ ਸਹੀ ਇਸਤੇਮਾਲ ਕਰ ਕੇ ਕਾਂਗਰਸ ਦੇ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇ।
ਸਰਕਾਰੀਆ ਦੇ ਹੱਕ ’ਚ ਵਿਸ਼ਾਲ ਰੈਲੀ
ਅਟਾਰੀ: ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਉਮੀਦਵਾਰ ਸੁਖਬਿੰਦਰ ਸਿੰਘ ਸਰਕਾਰੀਆ ਦੇ ਹੱਕ ਵਿੱਚ ਪਿੰਡ ਸ਼ਹੂਰਾ ਵਿੱਚ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਸ਼ਹੂਰਾ, ਸ਼ਮਸ਼ੇਰ ਸਿੰਘ ਸ਼ਹੂਰਾ, ਰਾਜਵਿੰਦਰ ਸਿੰਘ ਪ੍ਰਧਾਨ ਆੜ੍ਹਤੀ ਯੂਨੀਅਨ ਅਟਾਰੀ ਦੀ ਰਹਿਨੁਮਾਈ ਹੇਠ ਵਿਸ਼ਾਲ ਚੋਣ ਰੈਲੀ ਹੋਈ ਜਿਸ ਵਿੱਚ 25 ਤੋਂ ਵੱਧ ਪਰਿਵਾਰਾਂ ਨੇ ਅਕਾਲੀ ਦਲ, ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਨੂੰ ਸਰਕਾਰੀਆ ਅਤੇ ਗੁੁਰਦੇਵ ਸਿੰਘ ਸ਼ਹੂਰਾ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਸਰਕਾਰੀਆ ਨੇ ਕਿਹਾ ਕਿ ਪੰਜਾਬ ਵਿੱਚ ਚਰਨਜੀਤ ਚੰਨੀ ਦੀ ਅਗਵਾਈ ’ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। -ਪੱਤਰ ਪ੍ਰੇਰਕ