ਰੰਧਾਵਾ ਵੱਲੋਂ ‘ਆਪ’ ਵਿਧਾਇਕ ਖ਼ਿਲਾਫ਼ ਸ੍ਰੀ ਅਕਾਲ ਤਖਤ ’ਤੇ ਸ਼ਿਕਾਇਤ
ਸੰਸਦ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਸੌਂਪ ਕੇ ਡੇਰਾ ਬਾਬਾ ਨਾਨਕ ਤੋਂ ‘ਆਪ’ ਵਿਧਾਇਕ ਖ਼ਿਲਾਫ਼ ਦਸਤਾਰ ਦੀ ਬੇਅਦਬੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ‘ਆਪ’ ਵਿਧਾਇਕ ਖ਼ਿਲਾਫ਼ ਸਿੱਖ ਪਰੰਪਰਾਵਾਂ ਮੁਤਾਬਿਕ ਸਖਤ ਕਾਰਵਾਈ ਦੀ ਅਪੀਲ ਕੀਤੀ ਹੈ। ਇਸ ਦੌਰਾਨ ਭਾਜਪਾ ਆਗੂ ਸਰਚਾਂਦ ਸਿੰਘ ਖਿਆਲਾ ਨੇ ਵੀ ਇਸ ਮਾਮਲੇ ਵਿੱਚ ‘ਆਪ’ ਵਿਧਾਇਕ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਦਿੱਤੇ ਗਏ ਮੰਗ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੱਲ੍ਹ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਭਰਨ ਸਮੇਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ‘ਆਪ’ ਵਰਕਰਾਂ ਵੱਲੋਂ ਕਾਂਗਰਸੀ ਆਗੂਆਂ ਨਾਲ ਵਧੀਕੀ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੀ ਗਈ। ਇਸ ਦੌਰਾਨ ਭਾਜਪਾ ਆਗੂ ਸਰਚਾਂਦ ਸਿੰਘ ਖਿਆਲਾ ਨੇ ਡੀ ਜੀ ਪੀ ਨੂੰ ਭੇਜੇ ਪੱਤਰ ਵਿੱਚ ‘ਆਪ’ ਵਿਧਾਇਕ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
