ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੜ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਲੁਧਿਆਣਾ ਦੀ ਅਦਾਲਤ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਬਾਵਜੂਦ ਮਹਿਲਾ ਨਾਲ ਕਥਿਤ ਜਬਰ ਜਨਾਹ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਖਿਲਾਫ ਹੁਣ ਤਕ ਪੁਲੀਸ ਨੇ ਕੇਸ ਦਰਜ ਨਹੀਂ ਕੀਤਾ। ਇਥੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਸ ਔਰਤ ਵਲੋਂ ਲਗਾਤਾਰ ਦੋਸ਼ ਲਾਏ ਜਾ ਰਹੇ ਹਨ। ਪੀੜਤ ਨੂੰ ਨਿਆਂ ਵਾਸਤੇ ਅਦਾਲਤ ਦਾ ਸਹਾਰਾ ਲੈਣਾ ਪਿਆ ਅਤੇ ਲੁਧਿਆਣਾ ਦੀ ਅਦਾਲਤ ਵਲੋਂ ਪੁਲੀਸ ਨੂੰ ਪੀੜਤ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਗਈ ਪਰ ਪੁਲੀਸ ਨੇ ਹੁਣ ਤਕ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਪੁਲੀਸ ਅਧਿਕਾਰੀਆਂ ਨੇ ਕਾਰਵਾਈ ਨਾ ਕਰਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ।