ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ , 4 ਅਪਰੈਲ
ਬੀਤੇ ਦਿਨੀਂ ਸ਼ਹਿਰ ਦੀ ਇੱਕ ਚਾਰ ਸਾਲਾਂ ਦੀ ਬੱਚੀ ਨਾਲ ਇੱਕ ਨਿੱਜੀ ਸਕੂਲ ਵਿੱਚ ਕਥਿਤ ਰੂਪ ਵਿੱਚ ਹੋਏ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਇਸ ਸਕੂਲ ਅਤੇ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟਸ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਸਕੂਲ ਪ੍ਰਬੰਧਕ ਜੈਦੀਪ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜ਼ਿਲ੍ਹਾ ਭਰ ਦੇ ਨਿੱਜੀ ਸਿੱਖਿਆ ਅਦਾਰਿਆਂ ਨੇ ਅਦਾਰੇ ਬੰਦ ਰੱਖੇ। ਸਕੂਲਾਂ ਕਾਲਜਾਂ ਦੇ ਸੰਗਠਨ ਦੇ ਗੁਰਦਾਸਪੁਰ ਪ੍ਰਧਾਨ ਮੋਹਿਤ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸਮੂਹ ਨਿੱਜੀ ਸਿੱਖਿਆ ਅਦਾਰੇ ਮੁਕੰਮਲ ਰੂਪ ਵਿੱਚ ਬੰਦ ਕਰ ਕੇ ਸ਼ਾਂਤਮਈ ਢੰਗ ਨਾਲ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਮੋਹਿਤ ਮਹਾਜਨ ਨੇ ਕਿਹਾ ਕਿ ਜੇਕਰ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਪੂਰੇ ਪੰਜਾਬ ਵਿੱਚ ਨਿੱਜੀ ਸਿੱਖਿਆ ਅਦਾਰੇ ਬੰਦ ਰੱਖ ਕੇ ਰੋਸ ਪ੍ਰਗਟਾਉਣ ਲਈ ਨਵਾਂ ਐਲਾਨ ਕੀਤਾ ਜਾਵੇਗਾ।
ਐੱਸਐੱਸਪੀ ਵੱਲੋਂ ਸਿਟ ਦਾ ਗਠਨ
ਇਸ ਮਾਮਲੇ ਵਿੱਚ ਗੁਰਦਾਸਪੁਰ ਪੁਲੀਸ ਵੱਲੋਂ ਇਕ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਗਿਆ ਹੈ। ਐੱਸਐੱਸਪੀ ਗੁਰਦਾਸਪੁਰ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਜਾਂਚ ਟੀਮ ਐੱਸ ਪੀ (ਇਨਵੈਸਟੀਗੇਸ਼ਨ) ਦੀ ਅਗਵਾਈ ਵਿੱਚ ਕਾਇਮ ਕੀਤੀ ਗਈ ਹੈ। ਦੂਜੇ ਪਾਸੇ ਅੱਜ ਸਕੂਲ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਉਨ੍ਹਾਂ ਦੇ ਭਤੀਜੇ ਜੈਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਨ ਮਗਰੋਂ 18 ਅਪਰੈਲ ਤੱਕ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।