ਪਠਾਨਕੋਟ/ਜਲੰਧਰ: ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਪਠਾਨਕੋਟ ਵਿੱਚ ਰੋਡਵੇਜ਼ ਡਿੱਪੂ ਦੇ ਗੇਟ ਮੂਹਰੇ ਰੈਲੀ ਕੀਤੀ ਗਈ, ਜਿਸ ਨੂੰ ਪ੍ਰਧਾਨ ਸੁਖਵਿੰਦਰ ਸਿੰਘ, ਵਿਜੇ ਕੁਮਾਰ, ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ। ਡਿੱਪੂ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਜਦੋਂ ਤੋਂ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗਾਂ ਮਨਵਾਉਣ ਲਈ 13 ਜੁਲਾਈ ਨੂੰ ਬੱਸ ਅੱਡਾ ਬੰਦ ਕਰਕੇ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ। ਜਲੰਧਰ ਵਿੱਚ ਡਿੱਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸੱਤ ਪਾਲ ਸਿੰਘ ਸੱਤਾ ਅਤੇ ਜਰਨਲ ਸਕੱਤਰ ਚਾਨਣ ਸਿੰਘ, ਰਣਜੀਤ ਸਿੰਘ, ਬਿਕਰਮਜੀਤ ਸਿੰਘ, ਰਾਮ ਚੰਦ, ਮਲਕੀਤ ਸਿੰਘ ਅਤੇ ਕੁਲਵਿੰਦਰ ਸਿੰਘ ਸਮੇਤ ਹੋਰਾਂ ਨੇ ਗੇਟ ਰੈਲੀ ਵਿੱਚ ਭਾਗ ਲਿਆ। -ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ