ਪੱਤਰ ਪ੍ਰੇਰਕ
ਤਰਨ ਤਾਰਨ, 14 ਜੁਲਾਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇਥੇ ਕੀਤੀ ਇਕ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ 15 ਜੁਲਾਈ ਨੂੰ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਪ੍ਰੋਗਰਾਮ ਦੀ ਰੂਪਰੇਖਾ ਉਲੀਕੀ ਗਈ| ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਕੀਤੀ ਇਸ ਮੀਟਿੰਗ ਨੂੰ ਪਾਰਟੀ ਆਗੂ ਜਸਬੀਰ ਸਿੰਘ ਢੋਟੀਆਂ, ਰਮਨਜੀਤ ਸਿੰਘ ਭਰੋਵਾਲ, ਕੁਲਦੀਪ ਸਿੰਘ ਔਲਖ, ਸਤਨਾਮ ਸਿੰਘ ਚੋਹਲਾ ਸਾਹਿਬ, ਗੁਰਸੇਵਕ ਸਿੰਘ ਸੇਖ, ਸਤਨਾਮ ਸਿੰਘ ਕਰਮੂੰਵਾਲਾ ਆਦਿ ਨੇ ਸੰਬੋਧਨ ਕੀਤਾ| ਉਨ੍ਹਾਂ ਦੱਸਿਆ ਕਿ ਟਰੈਕਟਰ ਮਾਰਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਵਿੱਚ 15 ਜੁਲਾਈ ਨੂੰ ਸਵੇਰੇ ਤਰਨ ਤਾਰਨ ਦੀ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਡੀਸੀ ਦਫਤਰ ਤੱਕ ਜਾਵੇਗਾ। ਬੁਲਾਰਿਆਂ ਕਿਹਾ ਕਿ ਮਾਰਚ ਦੌਰਾਨ ਜਥੇਬੰਦੀ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਪੰਜਾਬ ਦੇ ਪਾਣੀਆਂ, ਸਿੱਧੂ ਮੂਸੇਵਾਲਾ ਦੇ ਗੀਤ ‘ਐੱਸਵਾਈਐੱਲ’ ਤੇ ਕੰਵਰ ਗਰੇਵਾਲ ਦੇ ਬੰਦੀ ਸਿੰਘਾਂ ਦੀ ‘ਰਿਹਾਈ’ ਗਾਣਿਆਂ ’ਤੇ ਪਾਬੰਦੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ|