ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜਨਵਰੀ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗਣਤੰਤਰ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅੱਜ ਇਨ੍ਹਾਂ ਸੂਰਮਿਆਂ ਦੀ ਬਦੌਲਤ ਅਸੀਂ ਸਾਰੇ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਤੇ ਭਾਰਤ ਦੁਨੀਆਂ ਵਿਚ ਵੱਡਾ ਲੋਕਤੰਤਰ ਦੇਸ਼ ਬਣ ਸਕਿਆ ਹੈ। ਗੁਰੂ ਨਾਨਕ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਥੇ ਦੇਸ਼ ਦੇ ਜਵਾਨ ਨੇ ਦੇਸ਼ ਉਤੇ ਅੰਦਰੋਂ ਤੇ ਬਾਹਰੋਂ ਆਏ ਹਰ ਦੁਸ਼ਮਣ ਦਾ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ, ਉਥੇ ਕਿਸਾਨਾਂ ਨੇ ਦੇਸ਼ ਦੇ ਅੰਨ-ਭੰਡਾਰ ਭਰੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਵੱਡੀ ਜਮਹੂਰੀਅਤ ਬਣਨ ਦਾ ਮਾਣ ਪ੍ਰਾਪਤ ਹੋਇਆ। ਮੁੱਖ ਮਹਿਮਾਨ ਵੱਲੋਂ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਨੂੰ ਵਧੀਆ ਪਰੇਡ ਲਈ ਮੋਮੈਂਟੋ ਦੇ ਕੇ ਸਨਮਾਨਤ ਕੀਤਾ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੁੱਖ ਮਹਿਮਾਨ ਸੁਖਜਿੰਦਰ ਸਿੰਘ ਰੰਧਾਵਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜ਼ਿਲਾ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਦੇਸ਼ ਦੇ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ| ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਵੀ ਉਨ੍ਹਾਂ ਨਾਲ ਸਨ।
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਭਾਜਪਾ ਵਲੋਂ ਗਣਤੰਤਰ ਦਿਵਸ ਦੇ ਮੌਕੇ ’ਤੇ ਪਾਰਟੀ ਦਫ਼ਤਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਸੀਨੀਅਰ ਭਾਜਪਾ ਨੇਤਾ ਵਿਜੇ ਅਗਰਵਾਲ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ ’ਤੇ ਪੁੱਜੇ। ਸਮਾਰੋਹ ’ਚ ਹੋਰਨਾਂ ਤੋਂ ਇਲਾਵਾ ਸਾਬਕਾ ਮੇਅਰ ਸ਼ਿਵ ਸੂਦ, ਕਮਲ ਚੌਧਰੀ, ਵਿਨੋਦ ਪਰਮਾਰ, ਮੀਨੂ ਸੇਠੀ, ਕ੍ਰਿਸ਼ਨ ਅਰੋੜਾ, ਸੁਰਿੰਦਰ ਪਾਲ, ਰਮੇਸ਼ ਕੁਮਾਰ, ਆਨੰਦਵੀਰ ਸਿੰਘ, ਅਮਰਜੀਤ ਸਿੰਘ, ਗੋਪੀ ਚੰਦ ਕੁਮਾਰ, ਉਮੇਸ਼ ਜੈਨ, ਕਮਲਜੀਤ ਸੇਤੀਆ ਆਦਿ ਮੌਜੂਦ ਸਨ।
ਨਵਾਂਸ਼ਹਿਰ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਸਮਾਰੋਹ ਦੌਰਾਨ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦਾ ਮੌਜੂਦਾ ਸਰੂਪ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਪਰੇਡ ਕਮਾਂਡਰ ਡੀਐੱਸਪੀ ਸ਼ਾਹਬਾਜ਼ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਦੌਰਾਨ ਸਲਾਮੀ ਲਈ।
ਪਠਾਨਕੋਟ (ਪੱਤਰ ਪ੍ਰੇਰਕ): ਸਥਾਨਕ ਸਪੋਰਟਸ ਸਟੇਡੀਅਮ, ਲਮੀਨੀ (ਪਠਾਨਕੋਟ) ਵਿਖੇ 73ਵਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਤਿਰੰਗਾ ਝੰਡਾ ਲਹਿਰਾ ਕੇ ਪ੍ਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪੁਲੀਸ ਮੁਖੀ ਸੁਰੇਂਦਰ ਲਾਂਬਾ, ਵਧੀਕ ਡੀਸੀ ਸੁਭਾਸ਼ ਚੰਦਰ, ਐਸਡੀਐਮ ਗੁਰਸਿਮਰਨ ਸਿੰਘ ਢਿਲੋਂ, ਤਹਿਸੀਲਦਾਰ ਲਛਮਣ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਅਰੁਣਾ ਚੌਧਰੀ ਨੇ ਹੁਸ਼ਿਆਰਪੁਰ ’ਚ ਤਿਰੰਗਾ ਲਹਿਰਾਇਆ
ਹੁਸ਼ਿਆਰਪੁਰ(ਪੱਤਰ ਪ੍ਰੇਰਕ): ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਨਾ ਚੌਧਰੀ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਸ੍ਰੀਮਤੀ ਚੌਧਰੀ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐੱਸਐੱਸਪੀ ਧਰੁਮਨ ਐੱਚ ਨਿੰਬਲੇ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੈਡ ਕਰਾਸ ਵਲੋਂ ਜ਼ਰੂਰਤਮੰਦਾਂ ਨੂੰ 20 ਸਿਲਾਈ ਮਸ਼ੀਨਾਂ ਤੋਂ ਇਲਾਵਾ 5 ਵੀਲ੍ਹ ਚੇਅਰ ਵੀ ਸੌਂਪੀਆਂ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ 63 ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ।