ਨਿੱਜੀ ਪੱਤਰ ਪ੍ਰੇਰਕ
ਜਲੰਧਰ, 24 ਜਨਵਰੀ
ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ 73ਵੇਂ ਗਣਤੰਤਰ ਦਿਵਸ ਸਬੰਧੀ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 26 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਿਸ ਸਬੰਧੀ ਲੋੜੀਂਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਇਆ ਅਤੇ ਏਡੀਸੀ (ਜ) ਅਮਰਜੀਤ ਬੈਂਸ ਅਤੇ ਡੀਸੀਪੀ ਜਸਕਿਰਨ ਸਿੰਘ ਤੇਜਾ ਸਮੇਤ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਆਈਪੀਐੱਸ ਅਧਿਕਾਰੀ ਜਸਰੂਪ ਕੌਰ ਬਾਠ ਅਤੇ ਸਤਵੀਰ ਸਿੰਘ ਦੀ ਅਗਵਾਈ ਵਿੱਚ ਮਾਰਚ ਪਾਸਟ ਨੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਏਡੀਸੀਪੀ ਗੁਰਬਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਪਠਾਨਕੋਟ (ਪੱਤਰ ਪ੍ਰੇਰਕ): ਇਥੋਂ ਦੇ ਸਪੋਰਟਸ ਸਟੇਡੀਅਮ ਲਮੀਨੀ ਵਿੱਚ ਗਣਤੰਤਰ ਦਿਵਸ ਸਮਾਗਮ ਨੂੰ ਲੈ ਕੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਬਤੌਰ ਮੁੱਖ ਮਹਿਮਾਨ ਵਜੋਂ ਤਿਰੰਗਾ ਝੰਡਾ ਲਹਿਰਾ ਕੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸੁਰੇਂਦਰ ਲਾਂਬਾ, ਵਧੀਕ ਡੀਸੀ ਲਖਵਿੰਦਰ ਸਿੰਘ ਰੰਧਾਵਾ ਤਹਿਸੀਲਦਾਰ ਲਛਮਣ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।