ਗੁਰਬਖਸ਼ਪੁਰੀ
ਤਰਨ ਤਾਰਨ, 12 ਮਈ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਅੱਜ ਇਥੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਵਿਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਵਿਰੁੱਧ ਲੋਕ ਸਭਾ ਚੋਣਾ ਚ ਜਨਤਕ ਮੁਹਿੰਮ ਬਣਾ ਕੇ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ| ਪਾਰਟੀ ਨੇ ਮੀਟਿੰਗ ਵਿਚ ਫਾਸ਼ੀਵਾਦੀ ਨੀਤੀਆਂ ਖ਼ਿਲਾਫ਼ ਸੰਵਿਧਾਨ ਨੂੰ ਬਚਾਉਣ ਲਈ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ ਨੂੰ ਇਕੱਠੇ ਹੋ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ| ਪਾਰਟੀ ਨੇ ਖਡੂਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ‘ਇੰਡੀਆ’ ਗਠਜੋੜ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਮੀਟਿੰਗ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ, ਬਲਦੇਵ ਸਿੰਘ ਪੰਡੋਰੀ ਨੇ ਸੰਬੋਧਨ ਕੀਤਾ| ਬੁਲਾਰਿਆਂ ਦੱਸਿਆ ਕਿ 19 ਮਈ ਨੂੰ ਸ਼ਹੀਦ ਦੀਪਕ ਧਵਨ ਤੇ ਉਨ੍ਹਾਂ ਦੇ ਸਾਥੀਆਂ ਦੀ ਬਰਸੀ ਤਰਨ ਤਾਰਨ ਦੇ ਰਾਮਗੜ੍ਹੀਆ ਬੁੰਗਾ ਵਿਖੇ ਮਨਾਈ ਜਾਵੇਗੀ|
ਆਰਐੱਮਪੀਆਈ ਵੱਲੋਂ ਕਾਂਗਰਸੀ ਉਮੀਦਵਾਰ ਰੰਧਾਵਾ ਦੀ ਹਮਾਇਤ
ਪਠਾਨਕੋਟ (ਪੱਤਰ ਪ੍ਰੇਰਕ): ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਇੰਡੀਆ ਗੱਠਜੋੜ ਵੱਲੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਹਮਾਇਤ ਕਰੇਗੀ। ਇਹ ਐਲਾਨ ਕਾ. ਨੱਥਾ ਸਿੰਘ ਨੇ ਇੱਥੇ ਪਾਰਟੀ ਦੀ ਕਰਨ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਭਾਜਪਾ ਦੀ ਫਿਰਕੂ ਤੇ ਫਾਸ਼ੀਵਾਦੀ ਵਿਚਾਰਧਾਰਾ ਖਿਲਾਫ ਜ਼ਿਲ੍ਹੇ ਅੰਦਰ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਦੱਸਿਆ ਜਾਵੇਗਾ ਕਿ ਦੇਸ਼ ਦੇ ਕੁੱਲ ਆਰਥਿਕ ਵਸੀਲਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਮਾਲਾਮਾਲ ਕਰਨ ਅਤੇ ਲੋਕਾਂ ਨੂੰ ਕੰਗਾਲ ਵਾਲੇ ਮੋਦੀ ਸਰਕਾਰ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇ।