ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 17 ਫਰਵਰੀ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ‘ਆਪ’ ਉਮੀਦਵਾਰ ਹਰਭਜਨ ਸਿੰਘ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅੱਜ ਜੀਟੀ ਰੋਡ ਤੋਂ ਸ਼ਹਿਰ ਅੰਦਰ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਰੋਧੀਆਂ ਨੂੰ ਰਗੜੇ ਲਾਉਂਦਿਆਂ ਕਿਹਾ ਕਿ ਇਨ੍ਹਾਂ ਨੇ ਹੁਣ ਤੱਕ ਪੰਜਾਬ ਵਾਸੀਆਂ ਨੂੰ ਸਿਰਫ਼ ਲੁੱਟਿਆ ਹੈ ਤੇ ਕੋਈ ਸਹੂਲਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਮਿਲ ਕੇ ‘ਆਪ’ ਬਾਰੇ ਕੂੜ ਪ੍ਰਚਾਰ ਕਰ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ਵਸਨੀਕ ਹਾਲ ਵੀ ਮੁਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ, ਪਰ ਸਿਰਫ਼ ‘ਆਪ’ ਕੋਲ ਹੀ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਜ਼ੋਰ ਹੈ।
ਇਸ ਮੌਕੇ ਉਮੀਦਵਾਰ ਹਰਭਜਨ ਸਿੰਘ ਨੇ ਕਿਹਾ ਕਿ ਵਿਰੋਧੀ ਧਿਰਾਂ ‘ਆਪ’ ’ਤੇ ਜੋ ਵੀ ਇਲਜ਼ਾਮ ਲਗਵਾ ਰਹੀਆਂ ਹਨ, ਉਹ ਸਭ ਸਿਰਫ਼ ਕੂੜ ਪ੍ਰਚਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵੱਲੋਂ ‘ਆਪ’ ’ਤੇ ਪੰਜਾਬ ਦੇ ਪਾਣੀਆਂ ਉਪਰ ਦਿੱਲੀ ਦੇ ਹੱਕ ਅਤੇ ਥਰਮਲ ਪਲਾਂਟ ਬੰਦ ਕਰਵਾਉਣ ਲਈ ਦਿੱਲੀ ’ਚ ਪਟੀਸ਼ਨ ਪਾਈ ਹੋਣ ਦਾ ਦੋਸ਼ ਲਾਇਆ ਗਿਆ ਹੈ, ਜਦਕਿ ਇਸ ਮਾਮਲੇ ’ਚ ‘ਆਪ’ ਦਾ ਕੋਈ ਲੈਣ-ਦੇਣ ਨਹੀਂ ਹੈ।
ਤਰਨ ਤਾਰਨ (ਪੱਤਰ ਪ੍ਰੇਰਕ): ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਅੱਜ ਇਥੇ ‘ਆਪ’ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਲੋਕਾਂ ਨੂੰ ਡਾ. ਸੋਹਲ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਸ਼ਹਿਰ ਅੰਦਰ ਇਕ ਰੋਡ ਸ਼ੋਅ ਵੀ ਕੀਤਾ। ਉਨ੍ਹਾਂ ਕਿਹਾ ਕਿ ਅੱਜ ਤੱਕ ਸੱਤਾ ’ਤੇ ਕਾਬਜ ਰਹੀਆਂ ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਹੈ, ਜਿਸ ਕਰਕੇ ਸੂਬੇ ਦੇ ਸਿਰ 3 ਲੱਖ ਕਰੋੜ ਤੋਂ ਵੀ ਵੱਧ ਦਾ ਕਰਜ਼ਾ ਚੜ੍ਹ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਵੱਲੋਂ ਸੱਤਾ ’ਚ ਆਉਂਦਿਆਂ ਹੀ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਖਤਮ ਕਰਨ ਸਣੇ ਲੋਕਾਂ ਨੂੰ ਚੰਗੀਆ ਸਿਹਤ ਸਹੂਲਤਾਂ ਦੇਣ, ਖੇਤੀ ਤੇ ਵਪਾਰ ਦੀ ਹਾਲਤ ਸੁਧਾਰਨ ਲਈ ਕੰਮ ਕੀਤਾ ਜਾਵੇਗਾ।