ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 18 ਜੂਨ
ਅਕਾਲੀ -ਭਾਜਪਾ ਗਠਜੋੜ ਦੇ ਆਗੂਆਂ ਨੇ ਸ਼ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਸੂਬੇ ਦੀ ਕੈਪਟਨ ਸਰਕਾਰ ਤੇ ਕਈ ਘੁਟਾਲੇ ਕਰਨ ਦਾ ਦੋਸ਼ ਲਗਾਉਂਦਿਆਂ ਜ਼ਿਲ੍ਹਾ ਸਦਰ ਮੁਕਾਮ ਤੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਇਸ ਧਰਨੇ ਦੇ ਬਾਅਦ ਰੋਸ ਪ੍ਰਦਰਸ਼ਨ ਕਰਦਿਆਂ ਪਾਰਟੀ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਸੂਬੇ ਅੰਦਰ ਹੋ ਰਹੇ ਨਿੱਤ ਨਵੇਂ ਘੁਟਾਲਿਆਂ ਅਤੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਦੀ ਮੰਗ ਕੀਤੀ।
ਅਕਾਲੀ-ਭਾਜਪਾ ਆਗੂਆਂ ਨੇ ਸਰਕਾਰ ਵੱਲੋਂ ਗ਼ਰੀਬ ਲੋਕਾਂ ਨਾਲ ਪੱਖਪਾਤ ਕਰਕੇ ਉਨ੍ਹਾਂ ਨੂੰ ਭਲਾਈ ਸਕੀਮਾਂ ਤੋਂ ਬਾਹਰ ਕੱਢਣ ਅਤੇ ਕਿਸਾਨਾਂ ਦੇ ਗੰਨੇ ਦੀਆਂ ਰੋਕੀਆਂ ਹੋਈਆਂ ਅਦਾਇਗੀਆਂ ਸਮੇਤ ਹੋਰ ਕਈ ਅਹਿਮ ਮੁੱਦੇ ਹੱਲ ਕਰਨ ਦੀ ਮੰਗ ਵੀ ਕੀਤੀ। ਜ਼ਿਲ੍ਹਾ ਪ੍ਰਧਾਨ ਬੱਬੇਹਾਲੀ ਨੇ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਨੇ ਬੀਜ ਘੁਟਾਲੇ ਕਰਕੇ ਕਿਸਾਨਾਂ ਨੂੰ ਹੋਰ ਬਰਬਾਦ ਕਰਨ ਦੀ ਨੀਂਹ ਰੱਖ ਦਿੱਤੀ ਹੈ।
ਕਾਰੋਬਾਰਾਂ ਵਿੱਚ ਕੀਤੀਆਂ ਬੇਨਿਯਮੀਆਂ ਦੀ ਜਾਂਚ ਦੀ ਮੰਗ
ਤਰਨ ਤਾਰਨ(ਗੁਰਬਖਸ਼ਪੁਰੀ): ਇਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਇਕ ਸਾਂਝੇ ਪ੍ਰਤੀਨਿਧੀ ਮੰਡਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੂਬੇ ਦੇ ਰਾਜਪਾਲ ਦੇ ਨਾਂ ਅਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਵਫ਼ਦ ਦੀ ਅਗਵਾਈ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਦਲ ਦੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਅਤੇ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਾਠ ਨੇ ਕੀਤੀ ਜਦ ਕਿ ਵਫ਼ਦ ਵਿੱਚ ਹੋਰਨਾਂ ਤੋਂ ਇਲਾਵਾ ਸਾਬਕ ਵਿਧਾਇਕ ਹਰਮੀਤ ਸਿੰਘ ਸੰਧੂ, ਕੁਲਦੀਪ ਸਿੰਘ ਔਲਖ, ਇਕਬਾਲ ਸਿੰਘ ਸੰਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਮਨਜੀਤ ਸਿੰਘ ਆਦਿ ਸ਼ਾਮਲ ਹੋਏ। ਵਫਦ ਨੇ ਹਜ਼ਾਰਾਂ ਕਰੋੜ ਰੁਪਏ ਦੇ ਬੀਜ ਘੁਟਾਲੇ ਸਮੇਤ ਰੇਤ, ਸ਼ਰਾਬ ਆਦਿ ਦੇ ਕਾਰੋਬਾਰਾਂ ਵਿੱਚ ਕੀਤੀਆਂ ਬੇਨਿਯਮੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ। ਪਾਰਟੀਆਂ ਨੇ ਸੂਚੀਆਂ ਵਿੱਚੋਂ ਨੀਲੇ ਕਾਰਡ ਧਾਰਕਾਂ ਕੱਟੇ ਹੋਏ ਨਾਂ ਫਿਰ ਤੋਂ ਬਹਾਲ ਕੀਤੇ ਜਾਣ ਦੀ ਵੀ ਮੰਗ ਕੀਤੀ।