ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਸਤੰਬਰ
ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੰਜਾਬ ਦੇ ਪੁਲੀਸ ਦੇ ਜਵਾਨਾਂ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀ ਬਾਗ ਤੋਂ ਕਿਲ੍ਹਾ ਗੋਬਿੰਦਗੜ੍ਹ ਤੱਕ ਇਕ ਸਾਈਕਲ ਰੈਲੀ ਕੱਢੀ ਗਈ। ਸਮਾਗਮ ਵਿਚ ਸ਼ਾਮਲ ਹੋਣ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਨੂੰ ਸਲਾਮੀ ਵੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲੀਸ ਕਮਿਸ਼ਨਰ ਅਰੁਨਪਾਲ ਸਿੰਘ, ਸਤਪਾਲ ਸਿੰਘ ਸੋਖੀ ‘ਆਪ’ ਆਗੂ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸ਼ਹੀਦ ਭਗਤ ਸਿੰਘ ਦੇ ਪੂਰਨਿਆਂ ’ਤੇ ਚੱਲਦੇ ਹੋਏ ਉਨ੍ਹਾਂ ਦੇ ਸੁਫ਼ਨਿਆਂ ਦਾ ਭਾਰਤ ਸਿਰਜੀਏ। ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪ੍ਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਇਸੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਤੇ ਚੱਲਦਿਆਂ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ, ਨਸ਼ਾ ਮੁਕਤ ਅਤੇ ਰੰਗਲਾ ਬਣਾਉਣ ਲਈ ਪੰਜਾਬ ਸਰਕਾਰ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਇਸ ਵਿਚ ਸਾਰੇ ਸੂਬਾ ਵਾਸੀਆਂ ਦਾ ਸਹਿਯੋਗ ਜ਼ਰੂਰੀ ਹੈ। ਉਥੇ ਹੀ ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰੋਗਰਾਮ ਕਰਵਾਇਆ ਗਿਆ।
ਫਗਵਾੜਾ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨਗਰ ਨਿਗਮ ਫਗਵਾੜਾ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਡਾ. ਨਯਨ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਵਲੋਂ ਦੱਸੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।
ਅਟਾਰੀ (ਪੱਤਰ ਪ੍ਰੇਰਕ): ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ, ਪੰਜਾਬ ਦੀ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਭਗਤ ਸਿੰਘ ਦਾ ਜਨਮ ਦਿਨ ਸਥਾਨਕ ਗੁਆਲਮੰਡੀ ਸਕੂਲ ਵਿੱਚ ਇੱਕ ਸੈਮੀਨਾਰ ਕਰਕੇ ਬਲਜਿੰਦਰ ਵਡਾਲੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।
ਸੁਲਤਾਨਪੁਰ ਲੋਧੀ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਇਥੇ ਅੱਜ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤੋਂ ਇਲਾਵਾ ਪਿੰਡ ਮੰਗੂਪੁਰ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨ ਆਗੂ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ।
ਸ਼ਾਹਕੋਟ (ਪੱਤਰ ਪ੍ਰੇਰਕ): ਇਲਾਕੇ ਦੇ ਸਰਕਾਰੀ ਸਨੀਅਰ ਸੈਕੰਡਰੀ ਸਮਾਰਟ ਸਕੂਲ ਬਾਜਵਾ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਸੀਟੀ ਯੂਨੀਵਰਸਿਟੀ ਤੋਂ ਸਹਾਇਕ ਪ੍ਰੋਫੈਸਰ ਅਸ਼ੀਸ਼ ਸ਼ਰਮਾ ਨੇ ਬੱਚਿਆਂ ਨੂੰ ਕਰੀਅਰ ਅਤੇ ਕੌਂਸਲਰ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਨਿਹਾਲੂਵਾਲ ਸਕੂਲ, ਸਰਦਾਰ ਦਰਬਾਰਾ ਸਿੰਘ ਮੈਮੋਰੀਮਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਸੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ (ਲੜਕੇ) ਵਿੱਚ ਵੀ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ ਗਿਆ। ਉਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਸਿੰਧੜ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ।
ਪਠਾਨਕੋਟ (ਪੱਤਰ ਪ੍ਰੇਰਕ): ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।
ਸ੍ਰੀ ਹਰਗੋਬਿੰਦਪੁਰ ਸਾਹਿਬ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ’ਤੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰਾਂ ਦਾ ਇੱਕਠ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੌਜੀ ਦੀ ਅਗਵਾਈ ਹੇਠ ਕੀਤਾ ਗਿਆ।
ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਾਈਕਲ ਰੈਲੀ
ਬਟਾਲਾ (ਖੇਤਰੀ ਪ੍ਰਤੀਨਿਧ): ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਬਟਾਲਾ ਵਿੱਚ ਸਾਈਕਲ ਰੈਲੀ ਕੱਢੀ ਗਈ, ਜਿਸ ਵਿੱਚ ਖਿਡਾਰੀਆਂ, ਵਿਦਿਆਰਥੀਆਂ, ਸਹਾਰਾ ਕਲੱਬ ਦੇ ਵਾਲੰਟੀਅਰਾਂ ਅਤੇ ਨੌਜਵਾਨਾਂ ਆਦਿ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਾਈਕਲ ਰੈਲੀ ਨੂੰ ਨਗਰ ਨਿਗਮ ਬਟਾਲਾ ਦੇ ਦਫ਼ਤਰ ਤੋਂ ਸਵੇਰੇ 7 ਵਜੇ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਡੀਐੱਸਪੀ ਸਿਟੀ ਲਲਿਤ ਕੁਮਾਰ ਤੇ ਧੀਰਜ ਵਰਮਾ ਲੀਗਲ ਜੁਆਇੰਟ ਸੈਕਟਰੀ ਪੰਜਾਬ ਵੀ ਮੌਜੂਦ ਸਨ।
ਭਗਤ ਸਿੰਘ ਦੇ ਨਾਮ ’ਤੇ ਚੌਕ ਦਾ ਨਾਂ ਰੱਖਣ ਦੀ ਮੰਗ
ਫਿਲੌਰ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਫਿਲੌਰ ਵੱਲੋਂ ਇੱਕ ਮੰਗ ਪੱਤਰ ਸਥਾਨਕ ਨਗਰ ਕੌਂਸਲ ਨੂੰ ਦੇ ਕੇ ਮੰਗ ਕੀਤੀ ਗਈ ਕਿ ਸ਼ਹਿਰ ’ਚ ਚੌਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇ। ਇਸ ਸਬੰਧੀ ਤਹਿਸੀਲ ਪ੍ਰਧਾਨ ਗੁਰਦੀਪ ਗੋਗੀ ਅਤੇ ਸਕੱਤਰ ਮੱਖਣ ਸੰਗਰਾਮੀ ਨੇ ਆਸ ਪ੍ਰਗਟਾਈ ਕਿ ਨਗਰ ਕੌਂਸਲ ਇਸ ਮੰਗ ਨੂੰ ਜਲਦੀ ਹੀ ਪ੍ਰਵਾਨ ਕਰੇਗੀ। ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਮਹਿੰਦਰ ਪਾਲ ਨੇ ਵਿਸ਼ਵਾਸ ਦਿਵਾਇਆ ਕਿ ਇਸ ਬਾਰੇ ਜਲਦੀ ਹੀ ਦੂਜੇ ਕੌਂਸਲਰਾਂ ਨਾਲ ਸਲਾਹ ਕਰਕੇ ਮਤਾ ਪਾਇਆ ਜਾਵੇਗਾ।