ਪੱਤਰ ਪ੍ਰੇਰਕ
ਕਾਹਨੂੰਵਾਨ, 7 ਦਸੰਬਰ
ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਸਠਿਆਲੀ ਵਾਸੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਬੀਡੀਪੀਓ ਦਫ਼ਤਰ ਕਾਹਨੂੰਵਾਨ ਸਾਹਮਣੇ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਦਾਤਾਰਪੁਰ ਅਤੇ ਸੁਖਵੰਤ ਸਿੰਘ ਸਠਿਆਲੀ ਨੇ ਕਿਹਾ ਵਿਕਾਸ ਕੰਮ ਰੁਕ ਜਾਣ ਕਾਰਨ ਪਿੰਡ ਵਿਚ ਗੰਦਗੀ ਦਾ ਮਾਹੌਲ ਬਣਿਆ ਪਿਆ ਹੈ। ਇਸ ਕਾਰਨ ਪਿੰਡ ਵਾਸੀਆਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸਠਿਆਲੀ ਵਿੱਚ ਪੰਚਾਇਤੀ ਚੋਣਾਂ ਦੌਰਾਨ ਰਾਜਨੀਤਿਕ ਲੋਕਾਂ ਦੀ ਬਦ ਨੀਤੀ ਕਾਰਨ ਪੰਚਾਇਤ ਦਾ ਗਠਨ ਨਹੀਂ ਹੋ ਸਕਿਆ ਸੀ। ਇਸ ਦੇ ਚੱਲਦਿਆਂ ਪਿੰਡ ਅੰਦਰ ਵਿਕਾਸ ਕੰਮ ਰੁਕੇ ਪਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੋ ਪ੍ਰਬੰਧਕ ਲਗਾ ਕੇ ਵਿਕਾਸ ਕੰਮ ਸ਼ੁਰੂ ਕੀਤੇ ਗਏ ਸਨ ਉਹ ਅੱਧ ਵਿਚਾਲੇ ਹੀ ਛੱਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਪਿੰਡ ਵਾਸੀਆਂ ਵੱਲੋਂ ਬੀਡੀਪੀਓ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵਾਰਤਾ ਕੀਤੀ ਜਾ ਚੁੱਕੀ ਹੈ ਪਰ ਅਜੇ ਤਕ ਕੋਈ ਮਸਲਾ ਹੱਲ ਨਹੀਂ ਹੋਇਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਲਕੀਤ ਸਿੰਘ ਦਾਤਾਰਪੁਰ, ਗਗਨਦੀਪ ਸਿੰਘ, ਜਸਬੀਰ ਸਿੰਘ ਬਾਜਵਾ, ਮਨਪ੍ਰੀਤ ਸਿੰਘ ਹਾਜ਼ਰ ਸਨ।
ਜਲਦੀ ਮਾਮਲੇ ਦਾ ਹੱਲ ਹੋ ਜਾਵੇਗਾ: ਬੀਡੀਪੀਓ
ਬੀਡੀਪੀਓ ਕਾਹਨੂੰਵਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਇਹ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਪਰ ਕੁਝ ਪ੍ਰਬੰਧਕੀ ਕਾਰਨਾਂ ਕਾਰਨ ਗਲੀ ਦਾ ਕੰਮ ਰੁਕਿਆ ਹੋਇਆ ਹੈ। ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰ ਦੇਣਗੇ।