ਦਲਬੀਰ ਸਿੰਘ ਸੱਖੋਵਾਲੀਆ
ਬਟਾਲਾ, 9 ਅਗਸਤ
ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਹੀਰਾ ਸਿੰਘ ਦੀ ਅਗਵਾਈ ਵਿੱਚ ਪਿੰਡ ਲੱਧਾ ਮੁੰਡਾ ’ਚ ਮੀਟਿੰਗ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵੀ ਸ਼ਾਮਲ ਹੋਏ। ਇਸ ਮੌਕੇ ਸ੍ਰੀ ਘੁੰਮਣ ਨੇ ਹਾਜ਼ਰ ਵਰਕਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ 2017 ਤੋਂ ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਨਹੀਂ ਦਿੱਤੇ, ਜਿਸ ਕਰਕੇ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਮਾਰਚ ਮਹੀਨੇ ’ਚ 309 ਕਰੋੜ 21 ਲੱਖ ਰੁਪਏ ਭੇਜੇ ਸਨ ਪਰ ਕਾਂਗਰਸ ਸਰਕਾਰ ਨੇ ਹਾਲੇ ਤੱਕ ਇਹ ਪੈਸਾ ਵਿਦਿਆਰਥੀਆਂ ਤੱਕ ਪੁੱਜਦਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਵੀ ਪੰਜਾਬ ਸਰਕਾਰ ਦੁਆਰਾ ਸ਼ਕਾਲਰਸ਼ਿਪ ਲਈ ਆਪਣਾ ਬਣਦਾ ਹਿੱਸਾ ਨਹੀਂ ਪਾਇਆ ਗਿਆ। ਜਦੋਂ ਕਿ ਚੋਣਾ ਦੌਰਾਨ ਕਾਂਗਰਸ ਲੀਡਰਾਂ ਨੇ ਦਲਿਤ, ਗ਼ਰੀਬਾਂ ਦੀ ਭਲਾਈ ਲਈ ਵੱਡੇ ਵੱਡੇ ਵਾਅਦੇ ਕੀਤੇ ਸਨ। ਜ਼ਿਲ੍ਹਾ ਪ੍ਰਧਾਨ ਨੇ ਪੰਜਾਬ ਸਰਕਾਰ ਦੀਆਂ ਗ਼ਰੀਬ ਮਾਰੂ ਨੀਤੀਆਂ ਕਾਰਨ ਸੂਬੇ ਦੇ ਦਲਿਤ ਖਫ਼ਾ ਹਨ।