ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 7 ਸਤੰਬਰ
ਵਿਭਾਗੀ ਜਗ੍ਹਾ ’ਤੇ ਝੂਲੇ ਲਾਉਣ ਤੋਂ ਰੋਕਣ ’ਤੇ ਹੋਈ ਤਕਰਾਰ ਕਾਰਨ ਝੂਲਾ ਮਾਲਕਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਪੁਲੀਸ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਐੱਸਡੀਓ, ਜੇਈ ਅਤੇ ਸੁਰੱਖਿਆ ਗਾਰਡ ਸਮੇਤ ਸੱਤ ਵਿਅਕਤੀਆਂ ਨੂੰ ਇਰਾਦਾ ਕਤਲ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਝੂਲਿਆਂ ਦੇ ਮਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਮੇਲਿਆਂ ਵਿੱਚ ਝੂਲੇ ਆਦਿ ਲਾਉਣ ਦਾ ਕੰਮ ਕਰਦਾ ਹੈ। ਬੀਤੇ ਕੱਲ੍ਹ ਗੋਇੰਦਵਾਲ ਸਾਹਿਬ ਦੇ ਮੇਲੇ-ਜੱਗ ਦੌਰਾਨ ਉਹ ਗੋਇੰਦਵਾਲ ਸਾਹਿਬ ਵਿੱਚ ਪ੍ਰਸ਼ਾਸਨ ਦੀ ਮਨਜ਼ੂਰੀ ਲੈ ਕੇ ਝੂਲੇ ਲਾਉਣ ਲਈ ਆਏ ਸਨ ਜਿਸ ਦੌਰਾਨ ਉਨ੍ਹਾਂ ਦੇ ਵਰਕਰ ਬੱਸ ਸਟੈਂਡ ਨਜ਼ਦੀਕ ਝੂਲਿਆਂ ਦੀਆਂ ਟਰੈਕਟਰ ਟਰਾਲੀਆਂ ਲੈ ਕੇ ਖੜ੍ਹੇ ਸਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਐੱਸਡੀਓ, ਜੇਈ ਅਤੇ ਸੁਰੱਖਿਆ ਗਾਰਡ ਸਮੇਤ ਚਾਰ ਹੋਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਕਰਦਿਆਂ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮਨਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਅਤੇ ਵਰਕਰਾਂ ਨੇ ਭੱਜ ਕੇ ਜਾਨ ਬਚਾਈ। ਇਸ ਸਬੰਧੀ ਐੱਸਐੱਚਓ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਐੱਸਡੀਓ ਸਵਤੇਜ ਸਿੰਘ, ਜੇਈ ਗਗਨਦੀਪ ਸਿੰਘ, ਸੁਰੱਖਿਆ ਗਾਰਡ ਗੁਰਬਚਨ ਸਿੰਘ ਅਤੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਅਜੇ ਫ਼ਰਾਰ ਹਨ ਜਿਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।