ਜਤਿੰਦਰ ਬੈਂਸ
ਗੁਰਦਾਸਪੁਰ, 23 ਸਤੰਬਰ
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਮੁਹਮੰਦ ਇਸ਼ਫ਼ਾਕ ਵੱਲੋਂ ਸਥਾਨਕ ਪੰਚਾਇਤ ਭਵਨ ਵਿੱਚ ਇਲਾਕੇ ਦੇ ਕਿਸਾਨਾਂ, ਸਰਪੰਚਾਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਮੌਕੇ ਜ਼ਿਲ੍ਹੇ ਦੇ 50 ਹਾਟ-ਸਪਾਟ ਪਿੰਡਾਂ ਦੀ ਪਛਾਣ ਕੀਤੀ ਗਈ ਅਤੇ ਇਨ੍ਹਾਂ ਪਿੰਡਾਂ ਉੱਤੇ ਖਾਸ ਨਜ਼ਰ ਰੱਖਣ ਦੀ ਤਾਕੀਦ ਕੀਤੀ ਗਈ ਹੈ। ਕਿਸਾਨਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਸਖ਼ਤ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਚਿਤਾਵਨੀ ਦਿੱਤੀ ਕਿ ਹਦਾਇਤਾਂ ਦੀ ਉਲੰਘਣਾ ਕਰ ਕੇ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਉਹ ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਪੱਕੇ ਕਰਮਚਾਰੀ ਤਾਇਨਾਤ ਕੀਤੇ ਜਾਣ ਤਾਂ ਜੋ ਉਹ ਅੱਗ ਲੱਗਣ ਦੀਆਂ ਘਟਨਾਵਾਂ ਦੀ ਜਾਣਕਾਰੀ ਦੇਣ ਦੇ ਨਾਲ ਅੱਗ ਨੂੰ ਤੁਰੰਤ ਬੁਝਾਉਣ ਲਈ ਵੀ ਕਾਰਵਾਈ ਕਰਨ।
ਉਨ੍ਹਾਂ ਕਿਹਾ ਕਿ ਜਿਹੜੇ 50 ਹਾਟ-ਸਪਾਟ ਪਿੰਡਾਂ ਵਿੱਚੋਂ ਇਸ ਵਾਰ ਇੱਕ ਵੀ ਅੱਗ ਲੱਗਣ ਦੀ ਘਟਨਾ ਨਹੀਂ ਵਾਪਰੇਗੀ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ।