ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਹੜੇ ਵਿੱਚ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਯੋਗ ਅਗਵਾਈ ਅਤੇ ਧਰਮ ਪ੍ਰਚਾਰ ਕਮੇਟੀ ਦੀ ਦੇਖ ਰੇਖ ਹੇਠਾਂ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੰਤਵ ਸਿੱਖਿਆ ਸੰਸਥਾਵਾਂ ਵਿੱਚ ਅਧਿਆਤਮਕ ਵਾਤਾਵਰਨ ਪੈਦਾ ਕਰ ਕੇ ਆਉਣ ਵਾਲੀ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਸੀ। ਇਸ ਸੈਮੀਨਾਰ ਵਿੱਚ ਸੰਤ ਬਾਬਾ ਜਸਪਾਲ ਸਿੰਘ ਜੀ ਅਮਰੀਕਾ ਵਾਲਿਆਂ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।
ਸੈਮੀਨਾਰ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਸੈਮੀਨਾਰ ਵਿੱਚ ਸੰਤ ਬਾਬਾ ਜਸਪਾਲ ਸਿੰਘ ਜੀ ਅਮਰੀਕਾ ਵਾਲਿਆਂ ਨੇ ਗੁਰਬਾਣੀ ਦਾ ਹਵਾਲਾ ਦਿੰਦੇ ਹੋਏ ਪਰਮਾਤਮਾ ਦਾ ਨਿਰਾਕਾਰ ਸਰੂਪ, ਸੰਸਾਰ ਦੀ ਨਾਸ਼ਵਾਨਤਾ, ਗੁਰਬਾਣੀ ਦੇ ਉਪਦੇਸ਼ ਨੂੰ ਮੰਨ ਕੇ ਮਨ ਦੇ ਵਿਕਾਰਾਂ ਨੂੰ ਦੂਰ ਕਰਨਾ ਅਤੇ ਨਿਰਾਕਾਰ ਪਰਮਾਤਮਾ ਨਾਲ ਜੁੜ ਕੇ ਭਵ ਸਾਗਰ ਤੋਂ ਪਾਰ ਉਤਾਰੇ ਦੇ ਮਾਰਗ ਬਾਰੇ ਵਿਚਾਰ ਚਰਚਾ ਕੀਤੀ। ਚੀਫ ਖਾਲਸਾ ਦੀਵਾਨ ਵੱਲੋਂ ਮੁੱਖ ਬੁਲਾਰੇ ਸੰਤ ਬਾਬਾ ਜਸਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

